ਸਨੌਰ : ਖੇਤਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਦਾ ਸਮਾਂ ਪਹਿਲਾਂ ਦੇ 8 ਘੰਟਿਆਂ ਤੋਂ ਘਟ ਕੇ ਹੁਣ ਸਿਰਫ਼ 5 ਤੋਂ 6 ਘੰਟੇ ਰਹਿ ਜਾਣ ਕਾਰਨ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਬੋਸਰ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਫਸਲ ਨੂੰ ਸਮੇਂ ਸਿਰ ਪਾਣੀ ਦੀ ਲੋੜ ਹੁੰਦੀ ਹੈ, ਪਰ ਬਿਜਲੀ ਸਪਲਾਈ ਘੱਟ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਘੱਟ ਘੰਟਿਆਂ ਕਾਰਨ ਨਾ ਤਾਂ ਸਿੰਚਾਈ ਦਾ ਕੰਮ ਸਮੇਂ ਸਿਰ ਹੋ ਰਿਹਾ ਹੈ ਅਤੇ ਨਾ ਹੀ ਕਿਸਾਨ ਆਪਣੀ ਫਸਲ ਦੀ ਸਹੀ ਸੰਭਾਲ ਕਰ ਪਾ ਰਹੇ ਹਨ। ਗੁਰਮੇਲ ਸਿੰਘ ਬੋਸਰ ਨੇ ਦੋਸ਼ ਲਾਇਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਐਮ.ਡੀ. ਅਤੇ ਚੇਅਰਮੈਨ ਨਾਲ ਕਈ ਵਾਰ ਮਿਲਣ ਦੀ ਕੋਸ਼ਿਸ਼ ਕੀਤੀ ਗਈ, ਪਰ ਅਜੇ ਤੱਕ ਕਿਸਾਨਾਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਬਿਜਲੀ ਬੋਰਡ ਨੇ ਤੁਰੰਤ ਖੇਤੀ ਲਈ 8 ਘੰਟੇ ਲਗਾਤਾਰ ਬਿਜਲੀ ਸਪਲਾਈ ਮੁੜ ਬਹਾਲ ਨਾ ਕੀਤੀ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸੂਬਾ ਪੱਧਰ 'ਤੇ ਵੱਡੇ ਅੰਦੋਲਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਬਿਜਲੀ ਵਿਭਾਗ ਦੀ ਹੋਵੇਗੀ।