ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਨਾਲ ਸੰਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਗੱਲ 1959 ਵਿੱਚ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਅਤੇ ਅਕਾਲੀ ਆਗੂ ਮਾਸਟਰ ਤਾਰਾ ਸਿੰਘ ਦਰਮਿਆਨ ਹੋਏ ਸਮਝੌਤੇ ਵਿੱਚ ਵੀ ਤੈਅ ਕੀਤੀ ਗਈ ਸੀ, ਜਿਸਦਾ ਜ਼ਿਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੀਤਾ ਗਿਆ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਹੈ ਕਿ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਤਖ਼ਤ ਵੱਲੋਂ ਸੁਝਾਈਆਂ ਗਈਆਂ ਸੋਧਾਂ ਅਤੇ ਤਬਦੀਲੀਆਂ ਨੂੰ ਕਾਨੂੰਨ ਵਿੱਚ ਸ਼ਾਮਲ ਕਰੇਗੀ। ਵੜਿੰਗ ਨੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਦੀ ਉਡੀਕ ਕਰਨ 'ਤੇ ਵੀ ਸਖ਼ਤ ਐਤਰਾਜ਼ ਜਤਾਇਆ ਹੈ। ਇਸ ਲੜੀ ਹੇਠ, ਜਦੋਂ ਇਨ੍ਹਾਂ ਨੂੰ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਵਾਂਗ ਸਿੱਖ ਹੋਣ ਦੇ ਨਾਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦਾ ਦਿੱਤਾ ਗਿਆ ਸੀ, ਤਾਂ ਇਨ੍ਹਾਂ ਨੂੰ ਕਿਸੇ ਦੀ ਵੀ ਇਜਾਜ਼ਤ ਦੀ ਲੋੜ ਨਹੀਂ ਸੀ, ਭਾਵੇਂ ਫਿਰ ਉਹ ਉਨ੍ਹਾਂ ਦੀ ਪਾਰਟੀ ਦਾ ਸੁਪਰੀਮੋ ਹੀ ਕਿਉਂ ਨਾ ਹੋਵੇ।