ਕੋਟਕਪੂਰਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵਈਏ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਸਾਂਝੀ ਕੋਆਰਡੀਨੇਸ਼ਨ ਕਮੇਟੀ ਬਣਾ ਕੇ ’ਅੱਜ ਦੇ ਸਮੇਂ ਦੀ ਮੁੱਖ ਲੋੜ, ਵਿਸ਼ਾਲ ਏਕਤਾ ਤਿੱਖੇ ਘੋਲ’ ਦੇ ਨਾਹਰੇ ਨੂੰ ਬੁਲੰਦ ਕਰਦੇ ਹੋਏ ਭਗਵੰਤ ਮਾਨ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ ਕੀਤਾ ਹੈ। ਖਾਸ ਤੌਰ ਤੇ ਮਿਤੀ 17-07-2020 ਤੋਂ ਬਾਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਨੂੰ ਮੁੱਖ ਰੱਖ ਕੇ 17-07-2026 ਨੂੰ ਮੁਹਾਲੀ ਵਿਖੇ ਮਹਾਂ ਰੈਲੀ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਲੋਂ ਜੂਲਾ ਲਾਉਣ ਦਾ ਪ੍ਰਣ ਲਿਆ ਜਾਵੇਗਾ। ਇਸ ਤੋਂ ਬਾਅਦ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਲਾਮਿਸਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਸਬਕ ਸਿਖਾਉਣਾ ਲਈ ਪ੍ਰਣ ਲੈਣਗੇ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਨਿਰਣਾ ਕਰਕੇ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨਗੇ।