ਨਵਾਂਸ਼ਹਿਰ : ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਲੰਗੜੋਆ ਵਿਖੇ ਲਗਾਇਆ ਗਿਆ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਬੜੀ ਸ਼ਰਧਾ, ਭਾਵਨਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਵਿਸ਼ੇਸ਼ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੇ ਹਿੱਸਾ ਲੈ ਕੇ ਗੁਰਸਿੱਖੀ ਜੀਵਨ ਅਤੇ ਸਿੱਖ ਵਿਰਸੇ ਨਾਲ ਸਬੰਧਿਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਕੈਂਪ ਦੌਰਾਨ ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਿੱਖ ਰਹਿਤ ਮਰਿਆਦਾ, ਗੁਰ-ਇਤਿਹਾਸ, ਨਿੱਤਨੇਮ ਦੀਆਂ ਬਾਣੀਆਂ, ਗੁਰਬਾਣੀ ਦੇ ਸ਼ੁੱਧ ਉਚਾਰਨ, ਅਰਦਾਸ ਦੀ ਮਹੱਤਤਾ ਅਤੇ ਗੁਰਦੁਆਰਾ ਮਰਿਆਦਾ ਬਾਰੇ ਬੜੇ ਸਰਲ ਤਰੀਕੇ ਨਾਲ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਵਿੱਚ ਪਹੁੰਚੇ ਮਾਪਿਆਂ ਅਤੇ ਇਲਾਕੇ ਦੀ ਸੰਗਤ ਨੇ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਅਜਿਹੇ ਉਪਰਾਲੇ ਨਿਰੰਤਰ ਜਾਰੀ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਦੇ ਅਹੁਦੇਦਾਰਾਂ ਵੱਲੋਂ ਸਮੂਹ ਸੰਗਤ, ਸੇਵਾਦਾਰਾਂ, ਮਾਪਿਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਅਹਿਦ ਲਿਆ ਕਿ ਨੌਜਵਾਨ ਪੀੜ੍ਹੀ ਨੂੰ ਪਤਿਤਪੁਣੇ ਤੋਂ ਬਚਾਉਣ ਅਤੇ ਗੁਰੂ ਲੜ ਲਗਾਉਣ ਲਈ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਕੈਂਪ ਲਗਾਤਾਰ ਆਯੋਜਿਤ ਕੀਤੇ ਜਾਂਦੇ ਰਹਿਣਗੇ।