ਲੁਧਿਆਣਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ ਦੀ ਅਗਵਾਈ ਹੇਠ ਬਿਜਲੀ ਦੀ ਮਾੜੀ ਅਤੇ ਅਣਨਿਯਮਿਤ ਸਪਲਾਈ ਦੇ ਵਿਰੋਧ ਵਿੱਚ ਬਿਜਲੀ ਦਫ਼ਤਰ ਮੁੱਲਾਂਪੁਰ ਦਾਖਾ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਨਾ ਮਿਲਣ ਕਾਰਨ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਸਪਲਾਈ ਦੇ ਵਾਅਦੇ ਕੀਤੇ ਜਾਂਦੇ ਹਨ, ਪਰ ਹਕੀਕਤ ਵਿੱਚ ਪਿੰਡਾਂ ਵਿੱਚ ਲੰਬੇ-ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਖੇਤੀ ਸੈਕਟਰ ਲਈ ਪੂਰੇ ਸਮੇਂ ਦੀ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਨੁਕਸਦਾਰ ਟਰਾਂਸਫਾਰਮਰ ਤੁਰੰਤ ਬਦਲੇ ਜਾਣ, ਢਿੱਲੀਆਂ ਤਾਰਾਂ ਅਤੇ ਹੋਰ ਤਕਨੀਕੀ ਖਾਮੀਆਂ ਨੂੰ ਜਲਦ ਦੂਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਜਲਦੀ ਸੁਧਾਰ ਨਾ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।