ਲੁਧਿਆਣਾ : ਕਾਂਗਰਸ ਪਾਰਟੀ ਵੱਲੋਂ ਪੰਮਾ ਜੱਸੋਵਾਲ ਨੂੰ ਲੁਧਿਆਣਾ ਦਿਹਾਤੀ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਇੰਦਰਜੀਤ ਸਿੰਘ ਗਿੱਲ ਨੇ ਕਿਹਾ ਕਿ ਪੰਮਾ ਜੱਸੋਵਾਲ ਲੰਬੇ ਸਮੇਂ ਤੋਂ ਪਾਰਟੀ ਲਈ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਲੋਕਾਂ ਨਾਲ ਨੇੜਤਾ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਆਵਾਜ਼ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਹਲਕਾ ਗਿੱਲ ਦੇ ਯੂਥ ਪ੍ਰਧਾਨ ਹਰਜੋਤ ਗਰੇਵਾਲ, ਬਲਾਕ ਸੰਮਤੀ ਮੈਂਬਰ ਹਰਦੀਪ ਸਿੰਘ ਥਰੀਕੇ, ਯੂਥ ਆਗੂ ਊਧਮ ਸਿੰਘ, ਬਲਾਕ ਯੂਥ ਪ੍ਰਧਾਨ ਸੰਦੀਪ ਸਿੰਘ, ਬਲਜੋਤ ਸਿੰਘ ਢੋਡੇ ਬਲਾਕ ਪ੍ਰਧਾਨ,ਦਵਿੰਦਰ ਸਿੰਘ ਲਲਤੋਂ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ। ਸਮੂਹ ਆਗੂਆਂ ਨੇ ਪੰਮਾ ਜੱਸੋਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ।