ਮੋਹਾਲੀ : ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ‘ਨੈਸ਼ਨਲ ਇਮਿਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ ਤਹਿਤ ਕੁਲ 161053 ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ । ਇਹ ਜਾਣਕਾਰੀ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਅੱਜ ਤੀਜੇ ਦਿਨ ਦੀ ਗਤੀਵਿਧੀ ਮੁਕੰਮਲ ਹੋਣ ਮਗਰੋਂ ਦਿਤੀ। ਖ਼ਾਸ ਗੱਲ ਇਹ ਹੈ ਕਿ ਮੁਹਿੰਮ ਭਲਕੇ ਵੀ ਜਾਰੀ ਰਹੇਗੀ ਅਤੇ ਰਹਿ ਚੁੱਕੇ ਸਾਰੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ l ਅੱਜ ਸਟੇਟ ਟੀਕਾਕਰਨ ਅਫ਼ਸਰ ਡਾ. ਮੰਜੂ ਬਾਂਸਲ ਅਤੇ ਡਾ. ਸ਼ਾਹਬਾਜ਼ ਸਿੰਘ ਨੇ ਜ਼ਿਲ੍ਹੇ ਵਿਚ ਝੁੱਗੀਆਂ ਦਾ ਦੌਰਾ ਕੀਤਾ l ਇਸ ਮੁਹਿਮ ਤਹਿਤ ਘਰਾਂ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ, ਡੇਰੇ ਆਦਿ ਵੀ ਕਵਰ ਕੀਤੇ ਗਏ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ 1,68,876 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਦਵਾਈ ਪਿਲਾਉਣ ਲਈ 1284 ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵਿਚੋਂ 1095 ਟੀਮਾਂ ਘਰ-ਘਰ ਗਈਆਂ। ਕੁਲ 2568 ਵੈਕਸੀਨੇਟਰਾਂ ਤੋਂ ਇਲਾਵਾ 125 ਸੁਪਰਵਾਇਜ਼ਰ ਤੈਨਾਤ ਕੀਤੇ ਗਏ ਸਨ। ਉਨ੍ਹਾਂ ਬੱਚਿਆਂ ਦੇ ਮਾਪਿਆਂ ਦਾ ਵੀ ਧਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿਚ ਪੋਲੀਓ ਰੋਕੂ ਮੁਹਿੰਮ ਸਫ਼ਲਤਾ ਨਾਲ ਨੇਪਰੇ ਚੜ੍ਹੀ। ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਤਿੰਨ ਦਿਨ ਵੱਖ ਵੱਖ ਥਾਵਾਂ ’ਤੇ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ ਅਤੇ ਜਿਥੇ ਕਿਤੇ ਵੀ ਕਿਸੇ ਤਰ੍ਹਾਂ ਦੀ ਕੋਈ ਕਮੀ ਸੀ, ਉਸ ਨੂੰ ਦੂਰ ਕਰਵਾਇਆ ।