ਅੰਮ੍ਰਿਤਸਰ : ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।