ਖਰੜ : ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ “ਟੂੰ-ਟੂੰ”ਦੀਆਂ ਗੱਲਾਂ ਕਰਕੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਮਜ਼ਾਕ ਉਡਾਇਆ ਜਾ ਰਿਹਾ ਸੀ। ਇਹ ਕਿਹਾ ਜਾ ਰਿਹਾ ਸੀ ਕਿ 1 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਬਾਅਦ ਮਹਿਲਾਵਾਂ ਦੇ ਖਾਤਿਆਂ ਵਿੱਚ ਪੈਸੇ ਆ ਜਾਣਗੇ, ਪਰ ਅੱਜ ਜੋ ਕੁਝ ਹੋਇਆ, ਉਸ ਨਾਲ ਪੰਜਾਬ ਦੀਆਂ ਮਾਵਾਂ-ਭੈਣਾਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਧਰਮਪਤਨੀ ਅਤੇ ਪਾਰਟੀ ਦੇ ਆਗੂਆਂ ਨੇ ਪੰਜਾਬ ਦੀ ਹਰ 18 ਸਾਲ ਤੋਂ ਵੱਧ ਉਮਰ ਦੀ ਮਹਿਲਾ ਨੂੰ ਹਰ ਮਹੀਨੇ ₹1,000 ਦੇਣ ਦਾ ਵਾਅਦਾ ਕੀਤਾ ਸੀ। ਸਰਕਾਰ ਬਣੇ ਸਾਢੇ ਚਾਰ ਸਾਲ ਹੋ ਚੁੱਕੇ ਹਨ, ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜੇਕਰ ਸਰਕਾਰ ਆਪਣੇ ਵਾਅਦੇ ਪ੍ਰਤੀ ਸੱਚੀ ਹੈ ਤਾਂ ਸਾਢੇ ਚਾਰ ਸਾਲਾਂ ਦਾ ਬਣਦਾ ਬਕਾਇਆ, ਜੋ ਲਗਭਗ ₹51,000 ਤੋਂ ₹52,000 ਪ੍ਰਤੀ ਮਹਿਲਾ ਬਣਦਾ ਹੈ, ਤੁਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਇਆ ਜਾਵੇ।ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਯੋਜਨਾ ’ਤੇ ਕਈ ਸ਼ਰਤਾਂ ਲਗਾ ਕੇ ਆਪਣੇ ਹੀ ਚੋਣੀ ਵਾਅਦੇ ਤੋਂ ਪਿੱਛੇ ਹਟਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਚੋਣਾਂ ਸਮੇਂ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਹਰ 18 ਸਾਲ ਤੋਂ ਵੱਧ ਉਮਰ ਦੀ ਮਹਿਲਾ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ । ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਉਹ ਲੋਕਾਂ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕਰੇ। 1 ਜੁਲਾਈ ਨੂੰ ਪੰਜਾਬ ਦੀਆਂ ਮਾਵਾਂ-ਭੈਣਾਂ ਨਾਲ ਜੋ ਹੋਇਆ, ਉਹ ਉਨ੍ਹਾਂ ਦੇ ਸਨਮਾਨ ਨਾਲ ਖਿਲਵਾੜ ਹੈ ਅਤੇ ਪੰਜਾਬ ਦੀਆਂ ਮਹਿਲਾਵਾਂ ਇਸ ਨੂੰ ਕਦੇ ਨਹੀਂ ਭੁੱਲਣਗੀਆਂ।