ਫਰੀਦਕੋਟ : ਅੱਜ ਡੀ.ਟੀ.ਐਫ. ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਫਰੀਦਕੋਟ ਵਿਖੇ ਜ਼ਿਲਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਗਗਨ ਪਾਹਵਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਅਤੇ ਸਾਂਝਾ ਮੁਲਾਜਮ ਮੰਚ ਦੇ ਸੱਦੇ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ 5 ਜੁਲਾਈ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਫਰੀਦਕੋਟ ਭਰਵੀਂ ਸ਼ਮੂਲੀਅਤ ਕਰੇਗਾ। ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋ ਪੈਂਡਿੰਗ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ, 18 ਫੀਸਦੀ ਪੈਂਡਿੰਗ ਡੀ ਏ ਤੁਰੰਤ ਜ਼ਾਰੀ ਕਰਨ, 2020 ਤੋ ਬਾਅਦ ਦੇ ਮੁਲਾਜ਼ਮਾਂ ਉੱਪਰ ਲਾਏ ਨਵੇਂ ਪੇ ਸਕੇਲ ਵਾਪਿਸ ਲੈਣੇ, ਪੇਂਡੂ ਭੱਤਾ, ਬਾਰਡਰ ਭੱਤਾ ਸਮੇਤ 37 ਤਰਾਂ ਦੇ ਭੱਤੇ ਬਹਾਲ ਕਰਨ, 3-7-11-15 ਦੀ ਏ ਸੀ ਪੀ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਪੂਰੀਆਂ ਕਰਨ ਤੋ ਸਰਕਾਰ ਅਨਾਕਾਨੀ ਕਰ ਰਹੀ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ ਅਤੇ ਵਿੱਤ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਹੁਣ ਸਰਕਾਰ ਖਿਲਾਫ ਆਰ ਪਾਰ ਦੀ ਲੜਾਈ ਲੜੀ ਜਾਵੇਗੀ ਜਿਸ ਤਹਿਤ 5 ਜੁਲਾਈ ਦੇ ਸੰਧਵਾਂ ਦੇ ਧਰਨੇ ਤੋੰ ਇਲਾਵਾ 11 ਜੁਲਾਈ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਬਾਹਰ ਵੀ ਧਰਨੇ ਦਿੱਤੇ ਜਾਣਗੇ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ।