ਨਵਾਂਸ਼ਹਿਰ : ਪੁਲਿਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਬਹੁਤ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਮੁਸਤੈਦੀ ਦਿਖਾਉਂਦੇ ਹੋਏ ਚਾਰ ਅਨਸਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ, ਅਸਲ੍ਹੇ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। ਐੱਸ.ਐੱਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਹ ਕਾਰਵਾਈਆਂ ਸੀ.ਆਈ.ਏ. ਸਟਾਫ਼ ਵੱਲੋਂ ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਰੱਖਣ ਲਈ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸਨਪ੍ਰੀਤ ਸਿੰਘ ਉਰਫ਼ ਸੰਧੂ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਬੜਵਾ ਅਤੇ ਅਰਮਾਨ ਸੁੰਡ ਉਰਫ਼ ਮਾਨੀ ਪੁੱਤਰ ਬਿੱਟੂ ਰਾਮ ਵਾਸੀ ਪਿੰਡ ਸਲੋਹ ਵਜੋਂ ਹੋਈ ਹੈ। ਪੁਲਿਸ ਵੱਲੋਂ ਤਲਾਸ਼ੀ ਦੌਰਾਨ ਇਨ੍ਹਾਂ ਦੇ ਕਬਜ਼ੇ ਵਿੱਚੋਂ 02 ਕਿੱਲੋ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਢਲੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਦੋਸ਼ੀਆਂ ਨੇ ਖ਼ੁਲਾਸਾ ਕੀਤਾ ਕਿ ਉਹ ਵਿਦੇਸ਼ ਬੈਠੇ ਪ੍ਰਣਵ ਸਹਿਗਲ ਅਤੇ ਸਰਬਜੀਤ ਦੇ ਪੁਰਾਣੇ ਵਾਕਫ਼ਕਾਰ ਹਨ ਅਤੇ ਸਿਗਨਲ ਐਪ ਰਾਹੀਂ ਉਨ੍ਹਾਂ ਦੇ ਸੰਪਰਕ ਵਿੱਚ ਸਨ। ਉਹ ਵਿਦੇਸ਼ੀ ਆਕਾਵਾਂ ਦੇ ਕਹਿਣ 'ਤੇ ਹੀ ਦੱਸੀ ਹੋਈ ਜਗ੍ਹਾ ਤੋਂ ਹੈਰੋਇਨ ਚੁੱਕ ਕੇ ਲਿਆਉਂਦੇ ਸਨ ਅਤੇ ਅੱਗੇ ਉਨ੍ਹਾਂ ਵੱਲੋਂ ਭੇਜੇ ਗਏ ਬੰਦਿਆਂ ਨੂੰ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 90, ਐਨ ਡੀ ਪੀ ਐਸ ਤਹਿਤ ਦਰਜ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 93, ਅਸਲਾ ਐਕਟ ਅਤੇ ਬੀ ਐਨ ਐਸ ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਫੜੇ ਗਏ ਦੋਸ਼ੀਆਂ ਕੋਲੋਂ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿੱਚ ਕਈ ਹੋਰ ਵੱਡੇ ਖ਼ੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।