ਪਟਿਆਲਾ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਮ੍ਹਾਂ ਹੋਣ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ ਅਤੇ ਮਿਊਂਸਿਪਲ ਕੌਂਸਲਰ ਵਾਰਡ ਨੰਬਰ 58 ਗੁਰਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਮੇਨ ਮਾਰਕੀਟ, ਮਾਡਲ ਟਾਊਨ ਵਿਖੇ ਧੰਨਵਾਦ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਕਿਸਾਨ ਪੱਖੀ ਫ਼ੈਸਲੇ ਅਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ। ਮਿਊਂਸਿਪਲ ਕੌਂਸਲਰ ਗੁਰਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਹਿਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਹੋਰ ਸਨਮਾਨਜਨਕ ਬਣੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਉਨ੍ਹਾਂ ਦੱਸਿਆ ਕਿ ਯੋਜਨਾ ਦੇ ਆਗਾਜ਼ ਮੌਕੇ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹3000 ਅਤੇ ₹4500 ਦੀ ਰਕਮ ਟਰਾਂਸਫਰ ਕਰਕੇ ਸਰਕਾਰ ਨੇ ਆਪਣੀ ਵਚਨਬੱਧਤਾ ਨੂੰ ਸਾਬਤ ਕੀਤਾ ਹੈ। ਵਾਰਡ ਨਿਵਾਸੀ ਔਰਤਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸਤਿਕਾਰ ਰਾਸ਼ੀ’ ਮਹਿਲਾਵਾਂ ਨੂੰ ਆਰਥਿਕ ਸੁਰੱਖਿਆ ਅਤੇ ਆਤਮ-ਵਿਸ਼ਵਾਸ ਪ੍ਰਦਾਨ ਕਰੇਗੀ।