ਨਵਾਂਸ਼ਹਿਰ : ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਪਿੰਡ ਲੰਗੜੋਆ ਵਿੱਚ ਜ਼ਿਲ੍ਹੇ ਦੇ ਸਭ ਤੋਂ ਵੱਡੇ ਸਰਚ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ। ਐਸ.ਐਸ.ਪੀ. ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਪੁਲਿਸ ਦੀਆਂ ਕਈ ਟੀਮਾਂ ਨੇ ਇੱਕੋ ਸਮੇਂ ਪੂਰੇ ਪਿੰਡ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ। ਪੁਲਿਸ ਦੀ ਭਾਰੀ ਤਾਇਨਾਤੀ ਕਾਰਨ ਪਿੰਡ ਵਿੱਚ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ। ਘਰ-ਘਰ ਤਲਾਸ਼ੀ ਦੌਰਾਨ ਤਿੰਨ ਮੁਲਜ਼ਮਾਂ ਨੂੰ ਹੇਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਵੱਡੀ ਗਿਣਤੀ ਵਿੱਚ ਸ਼ੱਕੀ ਮੋਟਰਸਾਈਕਲ ਵੀ ਜ਼ਬਤ ਕਰਕੇ ਜਾਂਚ ਦੇ ਘੇਰੇ ਵਿੱਚ ਲਿਆਂਦੇ ਗਏ। ਅਚਾਨਕ ਹੋਈ ਇਸ ਕਾਰਵਾਈ ਨਾਲ ਪੂਰੇ ਪਿੰਡ ਵਿੱਚ ਹੜਕੰਪ ਮਚ ਗਿਆ। ਕਈ ਸ਼ੱਕੀ ਵਿਅਕਤੀਆਂ ਕੋਲੋਂ ਮੌਕੇ 'ਤੇ ਹੀ ਪੁੱਛਗਿੱਛ ਕੀਤੀ ਗਈ, ਜਦਕਿ ਦਸਤਾਵੇਜ਼ਾਂ ਦੀ ਜਾਂਚ ਲਈ ਵੱਡੀ ਗਿਣਤੀ ਵਿੱਚ ਮੋਟਰਸਾਈਕਲਾਂ ਨੂੰ ਕਬਜ਼ੇ ਵਿੱਚ ਲਿਆ ਗਿਆ। ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੁਲਿਸ ਦੀ ਤਰਜੀਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣਾ ਹੈ ਅਤੇ ਇਸ ਦੇ ਲਈ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਇਸੇ ਤਰ੍ਹਾਂ ਦੇ ਵੱਡੇ ਸਰਚ ਆਪ੍ਰੇਸ਼ਨ ਚਲਾਏ ਜਾਣਗੇ, ਤਾਂ ਜੋ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿੱਚ ਕਾਨੂੰਨ ਦਾ ਡਰ ਬਣਿਆ ਰਹੇ ਅਤੇ ਆਮ ਲੋਕਾਂ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਮਾਹੌਲ ਮਿਲ ਸਕੇ।