ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਦੇ ਕਮਿਊਨਿਟੀ ਮੈਡੀਸਨ ਵਿਭਾਗ ਅਧੀਨ ਪਿੰਡ ਸਨੇਟਾ ਵਿਖੇ ਸਥਾਪਿਤ ਰੂਰਲ ਹੈਲਥ ਟ੍ਰੇਨਿੰਗ ਸੈਂਟਰ (ਆਰ.ਐਚ.ਟੀ.ਸੀ.) ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਮੈਡੀਕਲ ਇੰਟਰਨਾਂ ਲਈ ਬਣਾਏ ਜਾਣ ਵਾਲੇ ਹੋਸਟਲ ਅਤੇ ਚਾਰਦੀਵਾਰੀ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ। ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ, ਪਿੰਡ ਸਨੇਟਾ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਨਾਲ ਕੀਤੀ ਗਈ। ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਮੇਂ ਸਿਰ ਜਾਂਚ ਅਤੇ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ 40 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਮੇਂ-ਸਮੇਂ 'ਤੇ ਲੋੜੀਂਦੇ ਸਿਹਤ ਟੈਸਟ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਕੇ ਪ੍ਰਭਾਵਸ਼ਾਲੀ ਇਲਾਜ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਣਾਏ ਜਾਣ ਵਾਲੇ ਹੋਸਟਲ ਵਿੱਚ ਇੰਟਰਨ ਡਾਕਟਰਾਂ ਅਤੇ ਮੈਡੀਕਲ ਅਧਿਕਾਰੀਆਂ ਲਈ 24 ਘੰਟੇ ਰਿਹਾਇਸ਼ ਦੀ ਸਹੂਲਤ ਹੋਵੇਗੀ, ਜਿਸ ਨਾਲ ਇਲਾਕੇ ਵਿੱਚ ਦਾਖ਼ਲ ਮਰੀਜ਼ਾਂ, ਐਮਰਜੈਂਸੀ ਅਤੇ ਮਾਤਾ-ਬੱਚਾ ਸਿਹਤ ਸੇਵਾਵਾਂ ਨਿਰੰਤਰ ਉਪਲਬਧ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਵੀ ਖੋਲ੍ਹਿਆ ਜਾਵੇਗਾ।