ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਧ ਕੇ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਕ਼ਰਾਰ ਦਿੰਦਿਆਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਹਿੱਕ ਡਾਹਕੇ ਕਰੇਗੀ। ਉਨ੍ਹਾਂ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਕਾਹਲੀ ਹੋ ਰਹੀ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਖੇਤੀਬਾੜੀ ਵਿਕਾਸ ਬੈਂਕ ਮੂਹਰੇ ਚੱਲ ਰਹੇ ਪੱਕੇ ਧਰਨੇ ਦੇ 55ਵੇਂ ਦਿਨ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਆਖਿਆ ਕਿ ਬੀਕੇਯੂ ਸਿੱਧੂਪੁਰ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਡਟਕੇ ਪਹਿਰਾ ਦੇਵੇਗੀ। ਸੋਧਾਂ ਦੇ ਨਾਂਅ ਹੇਠ ਜ਼ਮੀਨ ਬਦਲੇ ਮਿਲਣ ਵਾਲੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੇ ਖੇਤਰ ਵਿੱਚ ਮਾਮੂਲੀ ਬਦਲਾਅ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ। ਹੁਣ ਸਰਕਾਰ ਮੁੜ ਕੁੱਝ ਵਰਗ ਗਜ਼ਾਂ ਦਾ ਟੁਕੜਾ ਸੁੱਟ ਕੇ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕਾਰਵਾਈ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।