ਮੋਗਾ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜਿੰਦੜਾ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰਵਾਲਾ, ਸੂਬਾ ਆਗੂ ਮੰਦਰਜੀਤ ਸਿੰਘ ਮਨਾਵਾਂ, ਸੂਬਾ ਆਗੂ ਗੁਰਜੰਟ ਸਿੰਘ ਗਗੜਾ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਅਤੇ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਮੀਟਿੰਗ ਦੀ ਕਾਰਵਾਈ ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਚਲਾਈ। ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ, ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ, ਖੇਤਾਂ ਲਈ ਬਿਜਲੀ ਸਪਲਾਈ, ਇਲਾਕੇ ਦੀਆਂ ਲੋਕ ਭਲਾਈ ਨਾਲ ਸਬੰਧਤ ਸਮੱਸਿਆਵਾਂ ਅਤੇ ਜਥੇਬੰਦੀ ਦੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਉਪਜਾਊ ਖੇਤੀਯੋਗ ਜ਼ਮੀਨ ਅਤੇ ਕਿਸਾਨਾਂ ਦੇ ਭਵਿੱਖ ਨਾਲ ਸਿੱਧਾ ਖਿਲਵਾੜ ਹੈ।
ਮੀਟਿੰਗ ਵਿੱਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਜ਼ਰੀਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਪੰਜਾਬ ਦੇ ਸਰੋਤਾਂ ਅਤੇ ਧਨ ਨੂੰ ਦਿੱਲੀ ਦੇ ਹਿੱਤਾਂ ਲਈ ਵਰਤਣਾ ਚਾਹੁੰਦੀ ਹੈ। ਪੰਜਾਬ ਦੇ ਹੱਕਾਂ ਅਤੇ ਸਰੋਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਿਸਾਨ ਆਪਣੇ ਹੱਕਾਂ ਦੀ ਰਾਖੀ ਲਈ ਹਰ ਪੱਧਰ ’ਤੇ ਸੰਘਰਸ਼ ਕਰਨਗੇ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜੇਕਰ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ ਤਿੱਖਾ ਅਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ, ਖੇਤੀਯੋਗ ਜ਼ਮੀਨ ਦੀ ਸੁਰੱਖਿਆ ਲਈ ਠੋਸ ਅਤੇ ਕਿਸਾਨ ਪੱਖੀ ਨੀਤੀ ਬਣਾਈ ਜਾਵੇ ਅਤੇ ਕਿਸਾਨਾਂ ਨਾਲ ਜੁੜੇ ਸਾਰੇ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਕੀਤਾ ਇਸ ਮੌਕੇ ਮੇਜਰ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ ਮੁੰਡੀ ਜਮਾਲ, ਪ੍ਰਤਾਪ ਸਿੰਘ ਮੁੰਡੀ ਜਮਾਲ, ਗਗਨਦੀਪ ਸਿੰਘ, ਮੇਜਰ ਸਿੰਘ ਡਰੋਲੀ, ਸਹਿਜਦੀਪ ਸਿੰਘ ਮੰਡੀ ਜਮਾਲ,ਲਖਵਿੰਦਰ ਸਿੰਘ ਰੌਲੀ ਮੀਤ ਪ੍ਰਧਾਨ, ਗੁਰਵੀਰ ਸਿੰਘ ਡਰੋਲੀ ਖੇੜਾ, ਬੂਟਾ ਸਿੰਘ ਕਿਲੀ ਕਾਂਧਰਾ, ਹਰਵਿੰਦਰ ਸਿੰਘ ਮੋਜੇਵਾਲ,ਹਰਜਿੰਦਰ ਸਿੰਘ ਮੋਜੇਵਾਲਾ, ਮੇਹਰ ਸਿੰਘ ਮੁੰਡੀ ਜਮਾਲ, ਹਰਭਜਨ ਸਿੰਘ ਸਰਪੰਚ ਮੁੰਡੀ ਜਮਾਲ, ਅਮਰਦੀਪ ਸਿੰਘ ਮੁੰਡੀ ਜਮਾਲ, ਕੁਲਵੰਤ ਸਿੰਘ ਜਿਲਾ ਮੀਤ ਪ੍ਰਧਾਨ, ਅਰਬੇਲ ਸਿੰਘ ਮੁੰਡੀ ਜਮਾਲ, ਸੁਖਬੀਰ ਸਿੰਘ ਗਿਹਲੀ ਵਾਲਾ, ਗੁਰਜੰਟ ਸਿੰਘ ਮੁੰਡੀ ਜਮਾਲ ਆਦਿ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ।