ਖਨੌਰੀ/ਦਿੜ੍ਹਬਾ : ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 05 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ ’ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ।
ਇਸ ਮੌਕੇ ਉਹਨਾਂ ਦੱਸਿਆ ਕਿ ਕਮਾਲਪੁਰ ਅਤੇ ਇਸ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਜੋੜਨ ਵਾਲੀਆਂ ਪ੍ਰਮੁੱਖ ਸੜਕਾਂ ਦੇ ਨਿਰਮਾਣ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ, ਜਿਸ ਨਾਲ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਹੋਈਆਂ ਹਨ।
ਲਗਭਗ 12 ਕਿਲੋਮੀਟਰ ਨਵੀਆਂ ਸੜਕਾਂ (ਜੋ ਪਹਿਲਾਂ ਕੱਚੇ ਰਸਤੇ ਸਨ) ਬਣਾਈਆਂ ਜਾ ਰਹੀਆਂ ਹਨ ਅਤੇ ਲਗਭਗ 20 ਕਿਲੋਮੀਟਰ, ਮੌਜੂਦਾ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਇਹਨਾਂ ਸਾਰੇ ਸੜਕੀ ਪ੍ਰੋਜੈਕਟਾਂ ’ਤੇ ਲਗਭਗ 20 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ।
ਇਹਨਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜੀਆਂ, ਕਮਾਲਪੁਰ ਤੋਂ ਦਿੜ੍ਹਬਾ, ਅਤੇ ਕਮਾਲਪੁਰ ਤੋਂ ਘਨੌੜ ਰਾਜਪੂਤਾਂ ਤਕ ਦੀਆਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰਾ ਕੰਮ ਪਾਰਦਰਸ਼ੀ ਤੇ ਮਿਆਰੀ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।