ਕੋਟਕਪੂਰਾ : ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸੱਦੇ ਅਨੁਸਾਰ ਪਿੰਡ ਸੰਧਵਾਂ ਵਿਖੇ ਰੇਲਵੇ ਸਟੇਸ਼ਨ ਨੇੜੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਇਸ ਉਪਰੰਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਆਗੂਆਂ ਵੱਲੋਂ ਸਟੇਜ ਤੋਂ ਵਾਰ ਵਾਰ ਸਪੀਕਰ ਸੰਧਵਾਂ ਨੂੰ ਚਿਤਾਵਨੀ ਪੱਤਰ ਲੈ ਕੇ ਜਾਣ ਲਈ ਬੋਲਿਆ ਗਿਆ। ਪ੍ਰੰਤੂ ਉਹਨਾਂ ਵੱਲੋਂ ਚਿਤਾਵਨੀ ਪੱਤਰ ਨਾ ਲੈਣ ਕਾਰਨ ਆਗੂਆਂ ਵਲੋਂ ਲਏ ਗਏ ਫੈਸਲੇ ਅਨੁਸਾਰ ਪ੍ਰਸ਼ਾਸਨ ਦੇ ਅਧਿਕਾਰੀਆਂ ਜਾਂ ਕਿਸੇ ਹੋਰ ਨੂੰ ਚਿਤਾਵਨੀ ਪੱਤਰ ਨਾ ਦੇਣ ਲਈ ਬਜਿਦ ਰਹਿਣ ਕਾਰਨ ਪੰਜਾਬ ਸਰਕਾਰ ਦੇ ਨਾਂਅ ਇਹ ਚਿਤਾਵਨੀ ਪੱਤਰ ਸਪੀਕਰ ਸੰਧਵਾਂ ਦੀ ਕੋਠੀ ਦੇ ਗੇਟ *ਤੇ ਲਾਉਣ ਲਈ ਮਜ਼ਬੂਰ ਹੋਣਾ ਪਿਆ। ਸੂਬਾਈ ਤਾਲਮੇਲ ਕਮੇਟੀ ਵੱਲੋਂ ਲਏ ਗਏ ਫੈਸਲੇ ਨੂੰ ਲਾਗੂ ਕਰਨ ਲਈ ਫਰੀਦਕੋਟ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਮੈਂਬਰ ਡਾਕਟਰ ਬਲਜੀਤ ਕੌਰ ਦੀ ਫਰੀਦਕੋਟ ਵਿਖੇ ਕੋਠੀ ਸਾਹਮਣੇ 11 ਜੁਲਾਈ, 2026 ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਨਾਂ ਚਿਤਾਵਨੀ ਪੱਤਰ ਦੇਣ ਅਤੇ 17 ਜੁਲਾਈ ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਸੂਬਾ ਪੱਧਰੀ ਲਾਮਿਸਾਲ ਰੈਲੀ ਅਤੇ ਮੁਜ਼ਾਹਰਾ ਕਰਕੇ ਅਗਲੇ ਤਿੱਖੇ ਸੰਘਰਸ਼ਾਂ ਦਾ ਐਲਾਨ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਸਬਕ ਸਿਖਾਉਣਾ ਲਈ ਪ੍ਰਣ ਲੈਣਗੇ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦਾ ਨਿਰਣਾ ਕਰਕੇ ਪੰਜਾਬ ਦੀ ਸੱਤਾ ਤੋਂ ਲਾਂਭੇ ਕਰਨਗੇ।