ਐਸ.ਏ.ਐਸ. ਨਗਰ (ਮੋਹਾਲੀ) : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਔਰਤਾਂ ਦਾ ਮਾਣ-ਸਤਿਕਾਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਇਤਿਹਾਸਕ ਕਦਮ ਨੇ ਪੰਜਾਬ ਦੇ ਹਰ ਵਰਗ ਦਾ ਦਿਲ ਜਿੱਤ ਲਿਆ ਹੈ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਯੋਜਨਾ ਤਹਿਤ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਸਿੱਧੀ ਉਹਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋ ਗਈ ਹੈ। ਆਪ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 67 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਵੀ ਦੇ ਚੁੱਕੀ ਹੈ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜਿੱਥੇ ਆਮ ਆਦਮੀ ਕਲੀਨਿਕ ਬਣਾਏ ਹਨ, ਉੱਥੇ ਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਅਤੇ ਕੈਸ਼ਲੈਸ ਇਲਾਜ ਦੀ ਸਹੂਲਤ ਹੈ। ਖੇਤਾਂ ਤੱਕ ਨਹਿਰਾਂ ਦਾ ਪਾਣੀ ਪਹੁੰਚਾਇਆ ਜਾ ਰਿਹਾ ਹੈ। ਸੂਬਾ ਸਰਕਾਰ ਦੀਆਂ ਨੀਤੀਆਂ, ਪ੍ਰਸ਼ਾਸਨਿਕ ਸੁਧਾਰਾਂ, ਭ੍ਰਿਸ਼ਟਾਚਾਰ ਤੇ ਨੱਥ ਪਾਉਣ ਅਤੇ ਹਰ ਵਰਗ ਦੀ ਭਲਾਈ ਵਾਸਤੇ ਲਏ ਗਏ ਫੈਸਲਿਆਂ ਤੋਂ ਆਮ ਲੋਕ ਬਹੁਤ ਖੁਸ਼ ਹਨ।