ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਕਾਰਨ ਦੇਸ਼-ਵਿਦੇਸ਼ ਦੇ ਸਮੁੱਚੇ ਸਿੱਖ ਜਗਤ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੀਆਂ ਪ੍ਰਕਿਰਿਆਵਾਂ ਅਤੇ ਮਨਜ਼ੂਰੀਆਂ ਪੂਰੀਆਂ ਹੋ ਚੁੱਕੀਆਂ ਸਨ ਤਾਂ ਫਿਰ ਇਸ ਨੂੰ ਹਟਾਉਣ ਦੇ ਪਿੱਛੇ ਕੀ ਕਾਰਨ ਹਨ, ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਹੋਈਆਂ ਹਜ਼ਾਰਾਂ ਕਥਿਤ ਗੈਰ-ਕਾਨੂੰਨੀ ਹੱਤਿਆਵਾਂ ਅਤੇ ਅਣਪਛਾਤੇ ਸੰਸਕਾਰਾਂ ਦਾ ਪ੍ਰਦਾਫਾਸ਼ ਕਰਕੇ ਇਤਿਹਾਸਕ ਸੱਚਾਈ ਨੂੰ ਦੁਨੀਆ ਸਾਹਮਣੇ ਲਿਆਂਦਾ। ਉਨ੍ਹਾਂ ਕਿਹਾ ਕਿ ਇਹ ਫਿਲਮ ਜਸਵੰਤ ਸਿੰਘ ਖਾਲੜਾ ਦੀ ਖੋਜ ਦੇ ਆਧਾਰ 'ਤੇ ਅਨੇਕਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਅਤੇ ਕਈ ਪਰਿਵਾਰਾਂ ਨੂੰ ਮੁਆਵਜ਼ਾ ਵੀ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਮਨੁੱਖ ਦੇ ਜੀਵਨ 'ਤੇ ਬਣੀ ਫ਼ਿਲਮ ਨੂੰ ਲੋਕਾਂ ਤੋਂ ਦੂਰ ਕਰਨਾ ਇਤਿਹਾਸਕ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਫ਼ਿਲਮ ਨੂੰ ਤੁਰੰਤ ਮੁੜ ਓਟੀਟੀ ਪਲੇਟਫਾਰਮ 'ਤੇ ਉਪਲਬਧ ਕਰਵਾਇਆ ਜਾਵੇ ਅਤੇ ਇਸ ਨੂੰ ਹਟਾਉਣ ਦੇ ਅਸਲ ਕਾਰਨਾਂ ਬਾਰੇ ਲੋਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਤਿਹਾਸਕ ਸੱਚਾਈ ਨੂੰ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ਅਤੇ ਅਭਿਵਿਅਕਤੀ ਦੀ ਆਜ਼ਾਦੀ ਦੀ ਭਾਵਨਾ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ