ਸੰਗਰੂਰ : ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਸਮਾਂਬੱਧ ਹੱਲ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਅੱਜ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ। ਬੈਠਕ ਦੌਰਾਨ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਉਨ੍ਹਾਂ ਦੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਸੁਖਾਵਾਂ ਅਤੇ ਪਾਰਦਰਸ਼ੀ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਮੀਟਿੰਗਾਂ ਰਾਹੀਂ ਸਥਾਨਕ ਪੱਧਰ 'ਤੇ ਹੀ ਵਪਾਰੀਆਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਰੁਣ ਜਿੰਦਲ ਨੇ ਕਿਹਾ ਕਿ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਾਲੇ ਇੱਕ ਪ੍ਰਭਾਵਸ਼ਾਲੀ ਪੁਲ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਵਾਂ ਸਬੰਧੀ ਕਮਿਸ਼ਨ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ, ਤਾਂ ਜੋ ਉਨ੍ਹਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਰਕਾਰ ਤੱਕ ਪਹੁੰਚਾ ਕੇ ਸਮੇਂ ਸਿਰ ਹੱਲ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਿਹਾ ਹੈ।