ਲੁਧਿਆਣਾ : ਬਸੰਤ ਐਵੇਨਿਊ ਵਿੱਚ ਸੀਵਰੇਜ ਪ੍ਰਣਾਲੀ ਦੀ ਖ਼ਰਾਬ ਹਾਲਤ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਲੈ ਕੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਲਾਕ ਪ੍ਰਧਾਨ ਅਤੇ ਵਪਾਰ ਕਮੇਟੀ ਦੇ ਮੈਂਬਰ ਹਰਦੀਪ ਸਿੰਘ ਚਾਵਲਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਕਿ ਕਾਲੋਨੀ ਦੀਆਂ ਕਈ ਗਲੀਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਹਰਦੀਪ ਸਿੰਘ ਚਾਵਲਾ ਨੇ ਦੋਸ਼ ਲਗਾਇਆ ਕਿ ਜੇਕਰ ਕੋਈ ਕਾਲੋਨਾਈਜ਼ਰ ਗਲਾਡਾ/ਪੁੱਡਾ ਵੱਲੋਂ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਨਹੀਂ ਕਰ ਰਿਹਾ ਤਾਂ ਉਸ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਅਪੀਲ ਕੀਤੀ ਕਿ ਬਸੰਤ ਐਵੇਨਿਊ ਦੇ ਵਸਨੀਕਾਂ ਨੂੰ ਨਿਯਮਾਂ ਅਨੁਸਾਰ ਸਾਰੀਆਂ ਬੁਨਿਆਦੀ ਸਹੂਲਤਾਂ ਜਲਦ ਤੋਂ ਜਲਦ ਮੁਹੱਈਆ ਕਰਵਾਈਆਂ ਜਾਣ ਅਤੇ ਕਾਲੋਨੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇ।