ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣ ਲਈ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਦੇਰ ਸ਼ਾਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਦਾਊਂ, ਰਾਏਪੁਰ ਅਤੇ ਬਹਿਲੋਲਪੁਰ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੇ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਾ ਲਾਭ ਅੱਜ 85 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਮਿਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਦਾਊਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੰਗਲਾ ਪੰਜਾਬ ਮੁਹਿੰਮ ਤਹਿਤ ਗਲੀਆਂ-ਨਾਲੀਆਂ ਦੇ ਨਿਰਮਾਣ ਲਈ 10 ਲੱਖ ਰੁਪਏ, ਕਮਿਊਨਿਟੀ ਸੈਂਟਰ ਲਈ 5 ਲੱਖ ਰੁਪਏ, ਪ੍ਰਾਇਮਰੀ ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਸਹੂਲਤ ਲਈ 1 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ 45.53 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਨਿਰਮਾਣ ਜਾਰੀ ਹੈ, ਜਦਕਿ 50 ਲੱਖ ਰੁਪਏ ਦੀ ਲਾਗਤ ਨਾਲ ਹੈਲਥ ਐਂਡ ਵੈਲਨੈੱਸ ਸੈਂਟਰ ਦਾ ਨਿਰਮਾਣ ਜਲਦੀ ਸ਼ੁਰੂ ਹੋਵੇਗਾ, ਜਿਸ ਦੇ ਟੈਂਡਰ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜ ਲੋੜਵੰਦ ਪਰਿਵਾਰਾਂ ਨੂੰ ਜਲਦੀ ਹੀ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਨੁਮਾਇੰਦੇ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।