ਮੋਹਾਲੀ : ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ। ਸਿੱਧੂ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਵੋਟਰ ਕਾਰਡ ਰਾਹੀਂ ਹੀ ਹਰ ਨਾਗਰਿਕ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਕਰ ਸਕਦਾ ਹੈ ਅਤੇ ਆਪਣੇ ਨੁਮਾਇੰਦਿਆਂ, ਜ਼ਿਲ੍ਹਾ ਪ੍ਰੀਸ਼ਦਾਂ, ਨਗਰ ਕੌਂਸਲਾਂ ਅਤੇ ਹੋਰ ਲੋਕਤੰਤਰੀ ਸੰਸਥਾਵਾਂ ਲਈ ਆਪਣੇ ਮਨਪਸੰਦ ਉਮੀਦਵਾਰ ਦੀ ਚੋਣ ਕਰ ਸਕਦਾ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੀ ਵੋਟ ਦੀ ਪੁਸ਼ਟੀ ਕਰਵਾਉਣੀ ਅਤੇ ਇਸ ਨੂੰ ਸੁਰੱਖਿਅਤ ਰੱਖਣਾ ਬਹੁਤ ਜ਼ਰੂਰੀ ਹੈ। ਬਲਬੀਰ ਸਿੰਘ ਸਿੱਧੂ ਨੇ ਖ਼ਾਸ ਤੌਰ 'ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਕਰੀ, ਕਾਰੋਬਾਰ ਜਾਂ ਹੋਰ ਰੁਝੇਵਿਆਂ ਦੇ ਬਾਵਜੂਦ ਉਹ ਆਪਣੇ ਕੀਮਤੀ ਸਮੇਂ ਵਿੱਚੋਂ ਕੁਝ ਸਮਾਂ ਕੱਢ ਕੇ ਐਸਆਈਆਰ (SIR) ਮੁਹਿੰਮ ਵਿੱਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਨੇ ਆਪਣਾ ਨਿੱਜੀ ਨੰਬਰ ਸਾਂਝਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਐਸਆਈਆਰ ਮੁਹਿੰਮ, ਵੋਟਰ ਸੂਚੀ ਜਾਂ ਫਾਰਮ ਭਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਮੇਰੇ ਨੰਬਰ 9872671010 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਅੰਤ ਵਿੱਚ ਸਿੱਧੂ ਨੇ ਕਿਹਾ ਕਿ ਆਪਣੀ ਵੋਟ ਦੀ ਰੱਖਿਆ ਕਰਨਾ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਹੈ। ਆਓ, ਸਾਰੇ ਮਿਲ ਕੇ ਐਸਆਈਆਰ ਮੁਹਿੰਮ ਨੂੰ ਕਾਮਯਾਬ ਬਣਾਈਏ ਅਤੇ ਆਪਣੇ ਲੋਕਤੰਤਰੀ ਅਧਿਕਾਰਾਂ ਨੂੰ ਮਜ਼ਬੂਤ ਕਰੀਏ।