ਸੁਨਾਮ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਇਸੇ ਸੋਚ ਤਹਿਤ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਰਹਿੰਦੀ ਸੀ, ਉਨ੍ਹਾਂ ਦੀ ਪਛਾਣ ਕਰਨ ਉਪਰੰਤ ਇਹ ਦੋਵੇਂ ਟਿਊਬਵੈੱਲ ਸਥਾਪਤ ਕੀਤੇ ਗਏ ਹਨ। ਇੱਕ ਟਿਊਬਵੈੱਲ ਰਾਹੀਂ ਪਟਿਆਲਾ ਰੋਡ, ਤਰਕਸ਼ੀਲ ਮਾਰਗ , ਮੋਰਾਂਵਾਲੀ ਅਤੇ ਮਹਾਰਾਜਾ ਪੈਲੇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣੇਗੀ, ਜਦਕਿ ਦੂਜਾ ਟਿਊਬਵੈੱਲ ਭਗਵਾਨ ਵਾਲਮੀਕਿ ਮੈਮੋਰੀਅਲ ਪਾਰਕ ਨੇੜੇ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਨੇੜਲੇ ਬਾਜ਼ਾਰ, ਸਿਨੇਮਾ ਰੋਡ ਅਤੇ ਹੋਰ ਨੇੜਲੇ ਇਲਾਕਿਆਂ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ। ਸੁਨਾਮ ਦੇ ਮਾਸਟਰ ਪਲਾਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਊਸਿੰਗ ਅਤੇ ਉਦਯੋਗ ਵਿਭਾਗ ਦੇ ਅਧਿਕਾਰੀਆਂ ਨੂੰ ਸੁਨਾਮ ਅਤੇ ਧੂਰੀ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਤਕਨੀਕੀ ਅਤੇ ਸਮਾਂ ਲੈਣ ਵਾਲੀ ਪ੍ਰਕਿਰਿਆ ਹੈ, ਪਰ ਸਰਕਾਰ ਇਸ ਨੂੰ ਤਰਜੀਹ ਦੇ ਆਧਾਰ 'ਤੇ ਅੱਗੇ ਵਧਾ ਰਹੀ ਹੈ ਤਾਂ ਜੋ ਆਉਣ ਵਾਲੇ ਸਾਲਾਂ ਵਿੱਚ ਸ਼ਹਿਰ ਦਾ ਯੋਜਨਾਬੱਧ ਅਤੇ ਟਿਕਾਊ ਵਿਕਾਸ ਯਕੀਨੀ ਬਣਾਇਆ ਜਾ ਸਕੇ।