ਸੁਨਾਮ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸੂਬਾ ਪੱਧਰ ਤੇ ਕੀਤੇ ਗਏ ਫੈਸਲੇ ਅਨੁਸਾਰ ਪਹਿਲੀ ਤੋਂ 10 ਜੁਲਾਈ ਤੱਕ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਫ਼ੈਸਲੇ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਮਿਸ਼ਾਲ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਆਰੇਬਾਜੀ ਕੀਤੀ ਗਈ। ਪੈਨਸ਼ਨਰ ਅਤੇ ਮੁਲਾਜ਼ਮ ਆਗੂ ਸੁਖਦੇਵ ਸਿੰਘ ਚੰਗਾਲੀਵਾਲਾ, ਮੇਲਾ ਸਿੰਘ ਪੁੰਨਾਵਾਲ, ਰਾਮ ਸਰੂਪ ਢੈਪਈ, ਅਵਿਨਾਸ਼ ਸ਼ਰਮਾ, ਜਗਦੀਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਜਗਦੇਵ ਬਾਹੀਆ, ਗੁਰਪ੍ਰੀਤ ਕੌਰ, ਰਾਜਵੀਰ ਸਿੰਘ ਬਡਰੁੱਖਾਂ ਅਤੇ ਗੁਰਪ੍ਰੀਤ ਸਿੰਘ ਮੰਗਵਾਲ ਨੇ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਰਹਿੰਦਾ 18 ਪ੍ਰਤੀਸ਼ਤ ਡੀਏ ਤੁਰੰਤ ਜਾਰੀ ਕਰੇ ,ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕੀਤਾ ਜਾਵੇ, ਸਾਰੇ ਕੱਚੇ ਠੇਕਾ ਆਧਾਰਤ, ਇਨਸੈਂਟਿਵ ਮੁਲਾਜ਼ਮ ਰੈਗੂਲਰ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਨਖਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਸਮੇਤ ਏਸੀਪੀ ਲਾਗੂ ਕੀਤੀ ਜਾਵੇ, ਕੱਟੇ ਹੋਏ 37 ਕਿਸਮ ਦੇ ਭੱਤੇ ਬਹਾਲ ਕੀਤੇ ਜਾਣ, ਤਿੰਨ ਸਾਲਾ ਪ੍ਰਵੇਸ਼ਨ ਦੌਰਾਨ ਪੂਰੀ ਤਨਖਾਹ ਦਿੱਤੀ ਜਾਵੇ, ਪੰਜਾਬ ਦੇ ਤਨਖਾਹ ਸਕੇਲ ਲਾਗੂ ਕੀਤੇ ਜਾਣ ਅਤੇ ਵਿਕਾਸ ਟੈਕਸ ਦੇ ਨਾਂ ਤੇ ਲਿਆ ਜਾਂਦਾ 200 ਰੁਪਏ ਮਹੀਨਾ ਜਜੀਆ ਟੈਕਸ ਬੰਦ ਕੀਤਾ ਜਾਵੇ। ਖਾਲੀ ਪਈਆਂ ਪੋਸਟਾਂ ਤੇ ਰੈਗੂਲਰ ਭਰਤੀ ਕੀਤੀ ਜਾਵੇ। ਜੇਕਰ ਪੰਜਾਬ ਸਰਕਾਰ ਨੇ ਇਨਾਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 17 ਜੁਲਾਈ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਰੋਹ ਨੂੰ ਵੇਖਦੇ ਹੋਇਆ ਤਹਿਸੀਲਦਾਰ ਸੁਨਾਮ ਵੱਲੋਂ ਮੰਗ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਵਿਸ਼ਵਾਸ ਦਿਵਾਇਆ ਗਿਆ ਕਿ ਮੰਗ ਪੱਤਰ ਜਲਦ ਸਰਕਾਰ ਕੋਲੇ ਮਸਲੇ ਹੱਲ ਕਰਨ ਲਈ ਭੇਜਿਆ ਜਾਵੇਗਾ।