ਦੇਵੀਗੜ੍ਹ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿੱਚ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਭੁਨਰਹੇੜੀ ਵਿਖੇ ਰਵਾਇਤੀ ਪਾਰਟੀਆਂ ਨੂੰ ਉਸ ਵੇਲੇ ਬਹੁਤ ਵੱਡਾ ਝਟਕਾ ਲੱਗਿਆ, ਜਦੋਂ ਪ੍ਰਮੁੱਖ ਆਗੂ ਚੇਅਰਮੈਨ ਮਾਰਕੀਟ ਕਮੇਟੀ ਦੁਧਨ ਸਾਧਾਂ ਬਲਦੇਵ ਸਿੰਘ ਦੀ ਅਗਵਾਈ ਵਿੱਚ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਅਤੇ ਨੌਜਵਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੀ ‘ਸਾਫ਼ ਨੀਅਤ, ਤੇਜ਼ ਵਿਕਾਸ’ ਵਾਲੀ ਸੋਚ 'ਤੇ ਪੂਰਨ ਵਿਸ਼ਵਾਸ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਭੁਨਰਹੇੜੀ ਖੇਤਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਵਿਅਕਤੀ ਦੇ ਮਾਣ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਜੁੜਨ ਨਾਲ ਹਲਕੇ ਅੰਦਰ ਵਿਰੋਧੀਆਂ ਦਾ ਵਜੂਦ ਬਿਲਕੁਲ ਖ਼ਤਮ ਹੋ ਚੁੱਕਾ ਹੈ। ਸ਼ਾਮਲ ਹੋਏ ਸਮੂਹ ਪਰਿਵਾਰਾਂ ਨੇ ਇੱਕਸੁਰ ਵਿੱਚ ਕਿਹਾ ਕਿ ਉਹ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਇਲਾਕੇ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਬੇਹੱਦ ਖ਼ੁਸ਼ ਹੋ ਕੇ ਅੱਜ ‘ਆਪ’ ਪਰਿਵਾਰ ਦਾ ਹਿੱਸਾ ਬਣੇ ਹਨ।