ਸਮਾਣਾ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮਿਊਂਸਿਪਲ ਕੌਂਸਲ, ਸਮਾਣਾ ਦੇ ਨਵ-ਨਿਯੁਕਤ ਸੀਨੀਅਰ ਵਾਇਸ ਪ੍ਰਧਾਨ ਪਾਰਸ ਸ਼ਰਮਾ ਅਤੇ ਵਾਰਡ ਨੰ. 16 ਦੇ ਕੌਂਸਲਰ ਬੇਅੰਤ ਸਿੰਘ ਪੱਪੀ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਸ਼ਹਿਰ ਨਿਵਾਸੀਆਂ ਨੇ ਬਹੁਤ ਵੱਡੀਆਂ ਆਸਾਂ ਅਤੇ ਉਮੀਦਾਂ ਨਾਲ ਉਹਨਾਂ ਨੂੰ ਜਿੱਤਾਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਦੀ ਨੀਂਹ ਵਾਰਡਾਂ ਦੇ ਸੁਧਾਰ ਤੋਂ ਸ਼ੁਰੂ ਹੁੰਦੀ ਹੈ, ਇਸ ਲਈ ਉਹ ਆਪਣੇ-ਆਪਣੇ ਵਾਰਡ ਅਤੇ ਸਮੁੱਚੇ ਸ਼ਹਿਰ ਦੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਯੋਜਨਾਵਾਂ ਨੂੰ ਜਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਲੋਕ ਵੱਧ ਤੋਂ ਵੱਧ ਇਹਨਾਂ ਦਾ ਲਾਭ ਲੈ ਸਕਣ। ਇਸ ਮੌਕੇ ਨਵ-ਨਿਯੁਕਤ ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ ਅਤੇ ਕੌਂਸਲਰ ਬੇਅੰਤ ਸਿੰਘ ਪੱਪੀ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਦਿਨ-ਰਾਤ ਇੱਕ ਕਰਕੇ ਕੰਮ ਕਰਨਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਰਹਿਣਗੇ।