ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਸੀਨੀਅਰ ਆਗੂ, ਵਿਧਾਇਕ, ਵਰਕਰ ਅਤੇ ਸਮਰਥਕ ਆਪਸੀ ਏਕਤਾ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ 'ਤੇ ਲੈ ਕੇ ਜਾਣਗੇ।ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਰਾਤ ਦੇ ਖਾਣੇ ਦੌਰਾਨ ਹੋਈ ਵਿਚਾਰ-ਚਰਚਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਅੰਦਰ ਪੂਰੀ ਏਕਤਾ, ਆਪਸੀ ਵਿਸ਼ਵਾਸ ਅਤੇ ਸਾਂਝੀ ਸੋਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਆਗੂ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜਿਨ੍ਹਾਂ ਹਸਪਤਾਲਾਂ ਅਤੇ ਹੋਰ ਲੋਕ ਭਲਾਈ ਦੇ ਪ੍ਰੋਜੈਕਟਾਂ ਦੀ ਨੀਂਹ ਰੱਖੀ ਗਈ ਸੀ, ਉਹ ਅੱਜ ਵੀ ਅਧੂਰੇ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਮੋਹਾਲੀ ਨੂੰ ਵਿਕਾਸ ਦਾ ਮਾਡਲ ਬਣਨਾ ਚਾਹੀਦਾ ਸੀ, ਉੱਥੇ ਵਿਕਾਸ ਕਾਰਜ ਲਗਭਗ ਠੱਪ ਹੋ ਚੁੱਕੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਅਤੇ ਪੰਜਾਬ ਦੀ ਤਰੱਕੀ, ਲੋਕਤੰਤਰ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ ਹੈ।