ਸੁਨਾਮ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਮਨਾਏ ਜਾ ਰਹੇ ਡਰਾਈ ਡੇਅ ਮੌਕੇ ਸਿਹਤ ਵਿਭਾਗ ਦੇ ਕਰਮਚਾਰੀਆਂ ਗੁਰਪ੍ਰੀਤ ਸਿੰਘ ਮੰਗਵਾਲ, ਸੀ ਐਚ ਓ ਜਸਵੀਰ ਕੌਰ ਸਮੇਤ ਹੋਰਨਾਂ ਨੇ ਸਬ ਸੈਂਟਰ ਲਖਮੀਰਵਾਲਾ ਵਿਖੇ ਪਿੰਡ ਦੇ ਲੋਕਾਂ ਨੂੰ ਡੇਂਗੂ, ਚਿਕਨਗੁਨੀਆਂ ਅਤੇ ਮਲੇਰੀਆ ਵਰਗੀਆਂ ਮੱਛਰ ਨਾਲ ਹੋਣ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਘਰ ਘਰ ਜਾਕੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰ, ਗਮਲੇ, ਟਾਇਰ, ਫਰਿੱਜ ਦੀਆਂ ਟਰੇਆਂ ਅਤੇ ਹੋਰ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਖਾਲੀ ਕਰਕੇ ਸਾਫ਼ ਕਰਨ ਲਈ ਪ੍ਰੇਰਿਤ ਕੀਤਾ ਗਿਆ। ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਬੁਖ਼ਾਰ ਆਉਣ 'ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ। ਸਿਹਤ ਕਰਮਚਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਕੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਆਪਣੇ ਪਰਿਵਾਰ ਨੂੰ ਡੇਂਗੂ, ਚਿਕਨ ਗੁਨੀਆ ਅਤੇ ਮਲੇਰੀਆ ਤੋਂ ਸੁਰੱਖਿਅਤ ਰੱਖਣ ਲਈ ਦੱਸੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ।