ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਪ੍ਰੋਗਰਾਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਕੋਈ ਢਿੱਲ ਮੱਠ ਨਾ ਵਰਤੀ ਜਾਵੇੇ। ਉਨ੍ਹਾਂ ਦੇ ਨਾਲ ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਵਿਕਾਸ ਕਾਰਜਾਂ ਨੂੰ ਡੀਸੀ ਡੈਸ਼ ਬੋਰਡ ਉਪਰ ਰੋਜ਼ਾਨਾ ਦੇ ਅਧਾਰ 'ਤੇ ਅਪਡੇਟ ਕੀਤਾ ਜਾਵੇ। ਬੈਠਕ ਦੌਰਾਨ ਆਮ ਆਦਮੀ ਕਲੀਨਿਕਾਂ ਦੀਆਂ ਸੇਵਾਵਾਂ ਦਾ ਮੁਲੰਕਣ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਸਮੂਹ ਮੈਡੀਕਲ ਅਫ਼ਸਰ ਇਹ ਯਕੀਨੀ ਬਣਾਉਣ ਕਿ ਜਿੱਥੇ ਕਲੀਨਿਕ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਹੈਲਥ ਚੈਕਅਪ ਕੀਤਾ ਜਾਵੇ, ਉਥੇ ਹੀ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਦੀ ਸਿਹਤ ਜਾਂਚ ਨੂੰ ਹੋਰ ਵੀ ਪੁਖ਼ਤਾ ਢੰਗ ਨਾਲ ਕੀਤਾ ਜਾਵੇ। ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਬੱਚੇ ਨੂੰ ਜਨਮ ਦੇਣ ਸਮੇਂ ਮਾਤਾ ਦੀ ਮੌਤ ਦੇ ਮਾਮਲੇ ਜੀਰੋ ਕਰਨ 'ਤੇ ਜ਼ੋਰ ਦਿੰਦਿਆਂ ਗਰਭਵਤੀ ਮਹਿਲਾਵਾਂ ਦੇ ਸਾਰੇ ਟੈਸਟ ਕੀਤੇ ਜਾਣ। ਕਿਰਤ ਵਿਭਾਗ ਵੱਲੋਂ ਬਿਲਡਿੰਗ ਤੇ ਉਸਾਰੀ ਮਜ਼ਦੂਰਾਂ ਦੀ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਮਜ਼ਦੂਰ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਸੁਖਾਲੀ ਕਰਦਿਆਂ ਇਸ ਦੀ ਫੀਸ ਅਗਲੇ 6 ਮਹੀਨਿਆਂ ਲਈ ਮੁਆਫ਼ ਕੀਤੀ ਹੋਈ ਹੈ।