ਪਟਿਆਲਾ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਅੱਜ ਵਾਟਰ ਸਪਲਾਈ ਸ਼ਾਖਾ ਦੇ ਇੰਸਪੈਕਟਰੀ ਸਟਾਫ ਅਤੇ ਅਪਰੂਵਡ ਲਾਇਸੰਸੀ ਠੇਕੇਦਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵਾਟਰ ਸਪਲਾਈ ਸ਼ਾਖਾ ਦੀ ਆਮਦਨ, ਰੋਜ਼ਾਨਾ ਕੰਮਕਾਜ, ਪਾਣੀ ਦੇ ਬਿਲਾਂ ਦੀ ਵਸੂਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਨਵੇਂ ਵਾਟਰ ਸਪਲਾਈ ਕੁਨੈਕਸ਼ਨ ਲਗਾਉਣ ਸਮੇਂ ਸੜਕਾਂ ਦੀ ਖੁਦਾਈ ਤੋਂ ਬਾਅਦ ਮੁਰੰਮਤ ਵਿੱਚ ਹੋ ਰਹੀ ਦੇਰੀ ਕਾਰਨ ਆਮ ਲੋਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦਾ ਵੀ ਗੰਭੀਰ ਨੋਟਿਸ ਲਿਆ ਗਿਆ। ਮੀਟਿੰਗ ਦੇ ਅੰਤ ਵਿੱਚ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਪਟਿਆਲਾ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਬਿਹਤਰ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਕੰਮ ਨੂੰ ਨਿਰਧਾਰਤ ਨਿਯਮਾਂ ਅਤੇ ਸਮਾਂ-ਸੀਮਾ ਅਨੁਸਾਰ ਪੂਰਾ ਕਰਨ ਦੀ ਹਦਾਇਤ ਦਿੱਤੀ।