ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਭਰ ਵਿੱਚ ਹਲਕਾਵਾਰ ਗੁਰਮਤਿ ਸਮਾਗਮ ਕਰਨ ਦੇ ਉਲੀਕੇ ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਵੱਖ ਵੱਖ ਜੋਨਾਂ ਦੇ ਪ੍ਰਚਾਰਕ ਜਥਿਆਂ ਦੀਆਂ ਇਕੱਤਰਤਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਦੁਆਬਾ ਜ਼ੋਨ ਨਾਲ ਸੰਬੰਧਿਤ ਤਿੰਨ ਜ਼ਿਲਿਆਂ ਦੇ ਮੈਂਬਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇੱਕ ਅਹਿਮ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਵਤਾਰ ਸਿੰਘ ਰੀਆ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਸ਼ਖ਼ਸੀਅਤਾਂ ਤੇ ਪ੍ਰਚਾਰਕ ਜਥਿਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਪ੍ਰਸਾਰ ਕੇਵਲ ਧਾਰਮਿਕ ਉਪਦੇਸ਼ਾਂ ਤੱਕ ਸੀਮਤ ਕਾਰਜ ਨਹੀਂ, ਸਗੋਂ ਮਨੁੱਖੀ ਚੇਤਨਾ ਨੂੰ ਸੱਚ, ਨਿਆਂ, ਸੇਵਾ, ਸਮਾਨਤਾ ਅਤੇ ਆਤਮਿਕ ਅਨੁਸ਼ਾਸਨ ਨਾਲ ਜੋੜਨ ਦਾ ਮਹਾਨ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਬਦਲਦੇ ਸਮਾਜਿਕ ਅਤੇ ਵਿਚਾਰਕ ਪਰਿਪੇਖ ਵਿੱਚ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਸਿੱਖ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਵਿਚਾਰਧਾਰਾ, ਸਿੱਖ ਰਹਿਤ-ਮਰਯਾਦਾ ਅਤੇ ਪੰਥ ਦੀਆਂ ਸਰਵਉੱਚ ਸੰਸਥਾਵਾਂ ਦੀ ਇਤਿਹਾਸਕ ਅਤੇ ਸਿਧਾਂਤਕ ਮਹੱਤਤਾ ਨਾਲ ਗਹਿਰਾਈ ਨਾਲ ਜੋੜਿਆ ਜਾਵੇ। ਇਸ ਮੌਕੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਪ੍ਰਚਾਰਕ ਸਿੰਘਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਆਦੇਸ਼ ਪ੍ਰਤੀ ਸੰਗਤ ਨੂੰ ਸੁਚੇਤ ਕਰਨਾ ਪ੍ਰਚਾਰਕ ਸਿੰਘਾਂ ਦੀ ਜਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਪੰਥਕ ਕਾਰਜ ਲਈ ਸਮੂਹ ਜਥੇ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣਗੇ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਸ. ਹਰਮਿੰਦਰ ਸਿੰਘ ਸਮੇਤ ਸ੍ਰੀ ਅਨੰਦਪੁਰ ਸਾਹਿਬ ਜੋਨ ਦੇ ਸਮੂਹ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਹਾਜ਼ਰ ਸਨ।