ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ, ਪਟਿਆਲਾ ਵਿਖੇ 30 ਜੁਲਾਈ ਤੋਂ 10 ਅਗਸਤ, 2026 ਤੱਕ ਹੋਣ ਵਾਲੀ ਪੰਜਾਬ ਦੀ ਸਭ ਤੋਂ ਵੱਡੀ ਅਗਨੀਵੀਰ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਏ ਡੀ ਸੀ ਨੇ ਕਿਹਾ ਕਿ ਇਹ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਇਕ ਸੁਨਹਿਰੀ ਮੌਕਾ ਹੈ। ਉਨ੍ਹਾਂ ਦਸਿਆ ਕਿ ਇਸ ਭਰਤੀ ਰੈਲੀ ਦਾ ਆਯੋਜਨ ਪਟਿਆਲਾ ਸਿਵਲ ਪ੍ਰਸ਼ਾਸਨ ਅਤੇ ਆਰਮੀ ਰਿਕਰੂਟਿੰਗ ਦਫ਼ਤਰ (ਏ.ਆਰ.ਓ.), ਪਟਿਆਲਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।