ਸੁਨਾਮ : ਪੰਜਾਬ ਕਾਂਗਰਸ ਅੰਦਰ ਚੱਲ ਰਹੀ ਖਿੱਚੋਤਾਣ ਦੇ ਚੱਲਦਿਆਂ ਕਾਂਗਰਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਸਾਬਕਾ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ਼ ਭੁਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਅੰਦਰ ਕਾਂਗਰਸ ਦੇ ਤਾਜ਼ਾ ਹਾਲਾਤਾਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪਾਰਟੀ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਆਖਿਆ ਕਿ ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਵਿੱਚ ਫੇਲ੍ਹ ਹੋ ਚੁੱਕੀ ਹੈ। ਪੰਜਾਬੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੋਂ ਉਮੀਦ ਬਾਕੀ ਬਚੀ ਹੈ। ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ, ਸੂਬੇ ਅੰਦਰ ਨਿੱਤ ਦਿਨ ਕਤਲ, ਡਕੈਤੀਆਂ ਤੋਂ ਇਲਾਵਾ ਕਾਰੋਬਾਰੀਆਂ ਤੋਂ ਫ਼ਿਰੌਤੀਆਂ ਮੰਗੀਆਂ ਜਾ ਰਹੀਆਂ ਹਨ। ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨੂੰ ਇੱਕਜੁੱਟ ਹੋਕੇ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਧੜੇਬੰਦੀ ਪਰਿਵਾਰਾਂ ਨੂੰ ਖ਼ਤਮ ਕਰ ਦਿੰਦੀ ਹੈ। ਰਾਜਨੀਤਕ ਪਾਰਟੀਆਂ ਵਿਚਲੀ ਫੁੱਟ ਨੂੰ ਜਨਤਾ ਵੀ ਸਵੀਕਾਰ ਨਹੀਂ ਕਰਦੀ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਕਾਂਗਰਸ ਅੰਦਰ ਚੱਲ ਰਿਹਾ ਵਰਤਾਰਾ ਜਲਦੀ ਠੀਕ ਹੋ ਜਾਵੇਗਾ।