ਐੱਸ.ਏ.ਐੱਸ. ਨਗਰ : ਸਿਹਤ ਵਿਭਾਗ ਐੱਸ.ਏ.ਐੱਸ. ਨਗਰ ਵੱਲੋਂ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਲੋਕਾਂ ਨੂੰ ਪਰਿਵਾਰ ਨਿਯੋਜਨ, ਮਾਂ ਅਤੇ ਬੱਚੇ ਦੀ ਸਿਹਤ ਅਤੇ ਛੋਟੇ ਪਰਿਵਾਰ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਧਦੀ ਆਬਾਦੀ ਨਾਲ ਜੁੜੀਆਂ ਚੁਣੌਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਤੰਦਰੁਸਤ ਅਤੇ ਖੁਸ਼ਹਾਲ ਪਰਿਵਾਰ ਲਈ ਵਿਆਹ ਉਪਰੰਤ ਸਹੀ ਸਮੇਂ 'ਤੇ ਬੱਚਿਆਂ ਦੀ ਯੋਜਨਾ, ਬੱਚਿਆਂ ਵਿੱਚ ਉਚਿਤ ਅੰਤਰ ਅਤੇ ਪਰਿਵਾਰ ਨਿਯੋਜਨ ਦੇ ਸਾਧਨਾਂ ਦੀ ਵਰਤੋਂ ਬਹੁਤ ਜ਼ਰੂਰੀ ਹੈ ਇਸ ਮੌਕੇ ਡਾਕਟਰ ਤਮੰਨਾ ਸਿੰਗਲ ਜਿਲ੍ਹਾ ਪਰਿਵਾਰ ਅਤੇ ਭਲਾਈ ਅਫ਼ਸਰ ਐੱਸ ਏ ਐਸ ਨਗਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਪਰਿਵਾਰ ਨਿਯੋਜਨ ਨਾਲ ਸਬੰਧਤ ਸਲਾਹ ਅਤੇ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਦੌਰਾਨ ਬਲਾਕ ਪੱਧਰ ਤੇ ਵੀ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਵੱਖ-ਵੱਖ ਸਾਧਨਾਂ, ਮਾਤਾ ਅਤੇ ਬਾਲ ਸਿਹਤ ਸੇਵਾਵਾਂ ਅਤੇ ਜਨਸੰਖਿਆ ਸਥਿਰਤਾ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲਾ ਮਾਸ ਮੀਡੀਆ ਵਿੰਗ ਸਿਹਤ ਵਿਭਾਗ ਵਲੋ ਸਾਈਕਲ ਤੇ ਜਾ ਕੇ ਵੱਖਰੇ ਅੰਦਾਜ਼ ਵਿਚ ਮੋਹਾਲੀ ਦੇ ਵੱਖ ਵੱਖ ਥਾਵਾਂ ਝੁੱਗੀਆ ਵਿਚ ਪਰਵਾਸੀ ਮਜ਼ਦੂਰਾਂ ਨੂੰ ਅਤੇ ਲੇਬਰ ਚੌਕ ਤੇ ਆਮ ਲੋਕਾਂ ਨੂੰ ਵੀ ਵੱਧਦੀ ਅਬਾਦੀ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ।