ਸਨੌਰ : ਇੱਥੋਂ ਦੇ ਘੱਗਰ ਨਾਲ ਲੱਗਦੇ ਪਿੰਡ ਸਿਰਕਪੜਾ ਵਿੱਚ ਇੱਕ ਵਾਰ ਫਿਰ ਹੜ੍ਹਾਂ ਦਾ ਖਤਰਾ ਸਤਾ ਰਿਹਾ ਹੈ। ਦੱਸਣਯੋਗ ਹੈ ਕਿ ਪਿੰਡ ਨੇੜੇ ਪੁੱਲ ਦੇ ਕੰਢੇ ਵਾਲੇ ਹਿੱਸੇ ਵਿੱਚ ਮਿੱਟੀ ਲਗਾਤਾਰ ਖਿਸਕਣ ਕਾਰਨ ਸੁਰੱਖਿਆ ਕੰਢਾ ਕਾਫ਼ੀ ਕਮਜ਼ੋਰ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2025 ਦੌਰਾਨ ਪਿੰਡ ਸਿਰਕਪੜਾ ਹੜ੍ਹਾਂ ਦੀ ਭਿਆਨਕ ਮਾਰ ਹੇਠ ਆਇਆ ਸੀ। ਉਸ ਸਮੇਂ ਫਸਲਾਂ, ਘਰਾਂ ਅਤੇ ਲੋਕਾਂ ਦੀ ਸੰਪਤੀ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਹਾਲਾਤਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀ ਵੀ ਪਿੰਡ ਵਿੱਚ ਪਹੁੰਚੇ ਸਨ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗਿਆ ਸੀ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਪਿੰਡ ਦਾ ਦੌਰਾ ਕਰਕੇ ਘੱਗਰ ਦਰਿਆ ਦੇ ਕੰਢਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਵਾਲ ਕੀਤਾ ਕਿ, "ਆਖਿਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਕਦੋਂ ਜਾਗੇਗਾ? ਕੀ ਕਿਸੇ ਵੱਡੇ ਨੁਕਸਾਨ ਦੀ ਉਡੀਕ ਕੀਤੀ ਜਾ ਰਹੀ ਹੈ?" ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਰਸਾਤਾਂ ਦੌਰਾਨ ਕਿਸੇ ਵੀ ਸੰਭਾਵਿਤ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਸ਼ੈਰੀ ਰਿਆੜ ਨੇ ਕਿਹਾ ਕਿ ਘੱਗਰ ਕੰਢਾ ਹੁਣ ਕਰੀਬ ਦੋ ਫੁੱਟ ਚੌੜਾ ਅਤੇ ਪੰਜ ਫੁੱਟ ਉੱਚਾ ਹੀ ਰਹਿ ਗਿਆ ਹੈ, ਜਿਸ ਕਾਰਨ ਕਿਸੇ ਵੀ ਸਮੇਂ ਗੰਭੀਰ ਹਾਦਸਾ ਵਾਪਰਨ ਦਾ ਖਤਰਾ ਬਣਿਆ ਹੋਇਆ ਹੈ। ਸ਼ੈਰੀ ਰਿਆੜ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਘੱਗਰ ਦਰਿਆ ਦੇ ਕੰਢਿਆਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਇਸ ਵਾਰ ਪਿੰਡ ਨੂੰ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।