ਸੁਨਾਮ, 11 ਜੁਲਾਈ (ਪੰਜਾਬੀ ਸਹਿਜ ਟਾਈਮਜ਼) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਖੇਤੀਬਾੜੀ ਵਿਕਾਸ ਬੈਂਕ ਦੀਆਂ ਨੀਤੀਆਂ ਕਾਰਨ ਕਿਸਾਨ ਵੱਡੀ ਪੱਧਰ ਤੇ ਧੋਖਾਧੜੀ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਆਖਿਆ ਕਿ ਕਿਸਾਨ ਦੋ ਮਹੀਨਿਆਂ ਤੋਂ ਬੈਂਕਾਂ ਸਾਹਮਣੇ ਧਰਨੇ ਦੇਕੇ ਬੈਠੇ ਹਨ ਲੇਕਿਨ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਲਈ ਗੰਭੀਰ ਨਹੀਂ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਜਥੇਬੰਦੀ ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈਕੇ 14 ਜੁਲਾਈ ਨੂੰ ਪੰਜਾਬ ਭਰ ਦੇ ਟੋਲ ਪਲਾਜੇ ਫਰੀ ਕਰੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਨੀਤੀਆਂ 'ਤੇ ਚੱਲਦਿਆਂ ਸੂਬੇ ਦੀ ਉਪਜਾਊ ਅਤੇ ਜ਼ਰਖੇਜ਼ ਖੇਤੀਬਾੜੀ ਜ਼ਮੀਨ ਨੂੰ ਲੈਂਡ ਪੂਲਿੰਗ ਪਾਲਿਸੀ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਤਿਆਰੀ ਕਰ ਰਹੀ ਹੈ। ਕਿਸਾਨ ਆਗੂਆਂ ਭੂਰਾ ਸਿੰਘ ਸਲੇਮਗੜ੍ਹ, ਕੇਵਲ ਸਿੰਘ ਜਵੰਧਾ, ਜਸਵੰਤ ਸਿੰਘ ਛਾਹੜ, ਕਰਮਜੀਤ ਸਿੰਘ, ਜਤਿੰਦਰ ਸਿੰਘ ਜਲੂਰ ,ਰਾਮਫਲ ਸਿੰਘ ਨੇ ਦੱਸਿਆ ਕਿ ਇਸ ਅੰਦੋਲਨ ਰਾਹੀਂ ਲੈਂਡ ਪੂਲਿੰਗ ਪਾਲਸੀ ਨੂੰ ਰੱਦ ਕਰਨ, ਲੈਂਡ ਮਾਰਗੇਜ਼ ਬੈਂਕ ਦੇ ਪੀੜਤ ਕਿਸਾਨਾਂ ਨੂੰ ਇਨਸਾਫ ਦਿਵਾਉਣ, ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਜ਼ਿੰਮੇਵਾਰ ਨੀਤੀਆਂ ਨੂੰ ਖਤਮ ਕਰਨ ਅਤੇ ਭਾਰਤ–ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ ਜਾਵੇਗੀ।
ਫਾਈਲ 11--* ਰਣ ਸੁਨਾਮ