ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਪੰਚਾਂ ਨੂੰ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਇਹ ਪੰਚਾਇਤੀ ਰਾਜ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਰਪੰਚਾਂ ਦੀਆਂ ਸੇਵਾਵਾਂ ਦਾ ਸਨਮਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸਰਪੰਚ ਪਿੰਡਾਂ ਦੇ ਵਿਕਾਸ ਦੀ ਧੁਰੀ ਹੁੰਦੇ ਹਨ। ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇਣ, ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦਾ ਹੱਲ ਕਰਨ, ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪਿੰਡ ਦੇ ਸਮੁੱਚੇ ਵਿਕਾਸ ਲਈ ਸਰਪੰਚ ਦਿਨ-ਰਾਤ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ। ਇਸ ਦੇ ਬਾਵਜੂਦ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਰਪੰਚਾਂ ਦੀ ਭੂਮਿਕਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਇਸ ਤਰ੍ਹਾਂ ਮਾਣ ਨਹੀਂ ਦਿੱਤਾ।ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਰਪੰਚਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਉਨ੍ਹਾਂ ਲਈ ਹਰ ਮਹੀਨੇ 10 ਹਜ਼ਾਰ ਰੁਪਏ ਮਾਣ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ-ਹਿੱਤ ਫ਼ੈਸਲੇ ਲੈ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਸਰਪੰਚ ਸੁਖਵਿੰਦਰ ਕੌਰ ਬਾਵਾ ਨੇ ਕਿਹਾ ਕਿ ਪੰਜਾਬ ਭਰ ਦੇ ਸਰਪੰਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਦਿਲੋਂ ਸਵਾਗਤ ਕਰਦੇ ਹਨ ਅਤੇ ਆਸ ਕਰਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੇ ਲੋਕ-ਪੱਖੀ ਫ਼ੈਸਲੇ ਲਏ ਜਾਂਦੇ ਰਹਿਣਗੇ।