ਸਮਾਣਾ, 11 ਜੁਲਾਈ (ਪੰਜਾਬੀ ਸਹਿਜ ਟਾਈਮਜ਼) : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਲੋਕ ਮਿਲਣੀ ਦਾ ਆਯੋਜਨ ਕੀਤਾ। ਇਸ ਲੋਕ ਮਿਲਣੀ ਵਿੱਚ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਭਾਗ ਲਿਆ ਅਤੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਵਿਕਾਸ ਸਬੰਧੀ ਮੁੱਦਿਆਂ ਨੂੰ ਚੇਅਰਮੈਨ ਦੇ ਧਿਆਨ ਵਿੱਚ ਲਿਆਂਦਾ।
ਇਸ ਦੌਰਾਨ ਸ. ਬਰਸਟ ਨੇ ਸਾਰੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੀ ਉਹਨਾਂ ਦਾ ਨਿਪਟਾਰਾ ਕੀਤਾ। ਚੇਅਰਮੈਨ ਨੇ ਕਿਹਾ ਕਿ ਇਸ ਲੋਕ ਮਿਲਣੀ ਦਾ ਉਦੇਸ਼ ਪ੍ਰਸ਼ਾਸਨ ਅਤੇ ਲੋਕਾਂ ਵਿਚਕਾਰ ਦੀ ਦੂਰੀ ਨੂੰ ਘੱਟ ਕਰਨਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕਰਕੇ ਔਰਤਾਂ ਦਾ ਮਾਣ-ਸਤਿਕਾਰ ਵਧਾਇਆ ਹੈ। ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਿਰਧਾਰਤ ਰਾਸ਼ੀ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ ਹੈ। ਸੂਬੇ ਵਿੱਚ ਮਹਿਲਾਵਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ 67 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਵੀ ਦੇ ਚੁੱਕੀ ਹੈ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਰਾਜ ਭਰ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਅੱਗੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ। ਪ੍ਰੋਗਰਾਮ ਦੇ ਅੰਤ ਵਿੱਚ ਸ. ਬਰਸਟ ਨੇ ਕਿਹਾ ਕਿ ਅਜਿਹੇ ਲੋਕ ਮਿਲਣੀ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕੀਤੇ ਜਾਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ।