ਲੁਧਿਆਣਾ, 11 ਜੁਲਾਈ : ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਅੱਜ ਪਿੰਡ ਸਤਜੋਤ ਨਗਰ ਵਿਖੇ ਸਰਪੰਚ ਬੀਬੀ ਸੁਖਵਿੰਦਰ ਕੌਰ ਬਾਵਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਬਣੀਆਂ 13 ਗਲੀਆਂ ਵਿੱਚੋਂ ਛੇ ਨਵੀਆਂ ਗਲੀਆਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਨਿੱਘਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪੱਕੀਆਂ ਗਲੀਆਂ, ਨਾਲੀਆਂ, ਸੜਕਾਂ, ਸੀਵਰੇਜ, ਸਾਫ਼ ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਵਿਧਾਇਕ ਸੰਗੋਵਾਲ ਨੇ ਪਿੰਡ ਸਤਜੋਤ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 30 ਲੱਖ ਰੁਪਏ ਦੀ ਵਾਧੂ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਰਕਮ ਨਾਲ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਦਾ ਇਸੇ ਤਰ੍ਹਾਂ ਸਹਿਯੋਗ ਮਿਲਦਾ ਰਿਹਾ ਤਾਂ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ ਅਤੇ ਸਤਜੋਤ ਨਗਰ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ। ਉਨ੍ਹਾਂ ਵਿਧਾਇਕ ਨੂੰ ਪਿੰਡ ਦੀਆਂ ਹੋਰ ਲੋੜਾਂ ਤੋਂ ਵੀ ਜਾਣੂ ਕਰਵਾਇਆ, ਜਿਨ੍ਹਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।