ਫਰੀਦਕੋਟ : ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਦੇ ਸਮਾਜ ਭਲਾਈਂ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਡਾਕਟਰ ਬਲਜੀਤ ਕੌਰ ਦੀ ਸਥਾਨਕ ਰਾਇਲ ਸਿਟੀ ਵਿਖੇ ਰਿਹਾਇਸ਼ ਦੇ ਨੇੜੇ ਵਿਸ਼ਾਲ ਰੋਸ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਅਤੇ ਡਾਕਟਰ ਬਲਜੀਤ ਕੌਰ ਦੇ ਖਿਲਾਫ ਤਿੱਖੀ ਨਾਹਰੇਬਾਜੀ ਕੀਤੀ। ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਮੁੱਖ ਮੰਤਰੀ, ਪੰਜਾਬ ਸਰਕਾਰ ਤੁਰੰਤ ਸਾਂਝੀ ਤਾਲਮੇਲ ਕਮੇਟੀ ਦੀ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਾਰੇ ਫੈਸਲੇ ਤੁਰੰਤ ਜਨਰਲਾਈਜ਼ ਕਰਕੇ ਲਾਗੂ ਕੀਤੇ ਜਾਣ, ਮਿਤੀ 15 ਜਨਵਰੀ 2015 ਅਤੇ ਮਿਤੀ 17 ਜੁਲਾਈ 2020 ਦੇ ਪੱਤਰ ਤੁਰੰਤ ਰੱਦ ਕੀਤੇ ਜਾਣ ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਅੱਗੇ ਕਿਹਾ ਕਿ ਮਿਤੀ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਲਾਗੂ ਕੀਤੇ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਦੇ ਕਾਲੇ ਦਿਨ ਨੂੰ ਮੁੱਖ ਰੱਖ ਕੇ 17-07-2026 ਨੂੰ ਅਨਾਜ ਮੰਡੀ ਸੈਕਟਰ 39 ਚੰਡੀਗੜ੍ਹ ਵਿਖੇ ਮਹਾਂ ਰੈਲੀ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਗਲੋਂ ਜੂਲਾ ਲਾਹੁਣ ਅਤੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡਾਕਟਰ ਬਲਜੀਤ ਕੌਰ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਸਬਕ ਸਿਖਾਉਣਾ ਦਾ ਪ੍ਰਣ ਲਿਆ ਗਿਆ। ਫਰੀਦਕੋਟ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਪ੍ਰਤੀਨਿਧ ਵਜੋਂ ਧਰਨੇ ਵਿੱਚ ਪਹੁੰਚਕੇ ਮੁਲਾਜ਼ਮ ਆਗੂਆਂ ਪਾਸੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਚਿਤਾਵਨੀ ਪੱਤਰ ਪ੍ਰਾਪਤ ਕੀਤਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਅਤੇ ਡੀ ਏ ਦੀ ਮੰਗ ਤੇ ਧਰਨੇ ਵਿਚ ਮੁਲਾਜਮਾਂ ਨਾਲ ਬੈਠਣ ਲਈ ਮਜਬੂਰ ਕੀਤਾ।