ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 1786 ਪੋਲਿੰਗ ਬੂਥਾਂ ’ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਜ਼ਿਲ੍ਹਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਕੈਂਪਾਂ ਦੌਰਾਨ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਆਪਣੇ ਗਣਨਾ ਫਾਰਮ ਭਰ ਕੇ ਜਮ੍ਹਾਂ ਕਰਵਾਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਨੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੇ ਨਾਲ-ਨਾਲ ਜ਼ਿਲ੍ਹੇ ਦੇ ਅੱਠਾਂ ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਵੀ ਆਪਣੇ-ਆਪਣੇ ਹਲਕਿਆਂ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂ ਵੋਟਰਾਂ ਅਤੇ ਬੀਐਲਓਜ਼ ਨਾਲ ਗੱਲਬਾਤ ਕਰਦਿਆਂ ਗਣਨਾ ਫਾਰਮ ਭਰਨ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦਾ ਉਦੇਸ਼ ਹਰ ਯੋਗ ਨਾਗਰਿਕ ਦੇ ਵੇਰਵਿਆਂ ਨੂੰ ਵੋਟਰ ਸੂਚੀ ਵਿੱਚ ਸਹੀ ਅਤੇ ਅਪਡੇਟ ਰੂਪ ਵਿੱਚ ਦਰਜ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣ ਅਤੇ ਆਪਣੇ ਗਣਨਾ ਫਾਰਮ ਸਮੇਂ ਸਿਰ ਭਰ ਕੇ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ।