ਲੁਧਿਆਣਾ, 12 ਜੁਲਾਈ : ਪੰਜਾਬ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਇਨ੍ਹੀਂ ਦਿਨੀਂ ਪੰਜਾਬ ਦੇ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਉਹ ਸੂਬੇ ਦੇ ਵੱਖ-ਵੱਖ ਵਿਧਾਇਕਾਂ, ਸਾਬਕਾ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਮੀਟਿੰਗਾਂ ਦਾ ਮੁੱਖ ਉਦੇਸ਼ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਫੀਡਬੈਕ ਲੈਣਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨਾ ਦੱਸਿਆ ਜਾ ਰਿਹਾ ਹੈ।ਭਾਵੇਂ ਕਾਂਗਰਸ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਵਰਕਰਾਂ ਵਿੱਚ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਪਾਰਟੀ ਹਾਈਕਮਾਂਡ ਨੇ ਕੁਲਦੀਪ ਸਿੰਘ ਵੈਦ 'ਤੇ ਆਪਣਾ ਭਰੋਸਾ ਦੁਹਰਾਇਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਰਹੀ। ਵਰਕਰਾਂ ਦਾ ਕਹਿਣਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਹਲਕੇ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਸਿਆਸੀ ਤਸਵੀਰਾਂ ਸਾਫ਼ ਹੋ ਸਕਦੀਆਂ ਹਨ। ਇਸ ਮੌਕੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਜੇਕਰ ਹਾਈ ਕਮਾਂਡ ਹਲਕਾ ਗਿੱਲ ਤੋਂ ਇੱਕ ਵਾਰ ਫਿਰ ਤੋਂ ਉਹਨਾਂ ਨੂੰ ਉਮੀਦਵਾਰ ਬਣਾਉਂਦੇ ਹਨ ਤਾਂ ਹਲਕਾ ਗਿੱਲ ਦੀ ਸੀਟ ਜਿੱਤ ਕੇ ਕਾਂਗਰਸ ਹਾਈ ਕਮਾਂਡ ਦੀ ਝੋਲੀ ਪਾ ਕੇ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।
