ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆਰ)-2026 ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਦੇ 838 ਬੂਥਾਂ 'ਤੇ ਬੀ.ਐਲ.ਓਜ਼ ਨੇ ਡਿਜਿਟਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ। ਇਸ ਦੇ ਨਾਲ ਹੀ ਜਿਨ੍ਹਾਂ ਯੋਗ ਵੋਟਰਾਂ ਦੇ ਐਨਿਊਮਰੇਸ਼ਨ ਫਾਰਮ ਅਜੇ ਤੱਕ ਨਹੀਂ ਭਰੇ ਗਏ ਸਨ, ਉਨ੍ਹਾਂ ਨੂੰ ਫਾਰਮ ਭਰਨ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਗਈ। ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡਿਜਿਟਾਈਜ਼ੇਸ਼ਨ ਦਾ ਕੰਮ 53.95 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜਲਦ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੀ ਚੋਣ ਟੀਮ ਵੱਲੋਂ ਨਿਰੰਤਰ ਸਰਗਰਮ ਰਹਿ ਕੇ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ ਤਾਂ ਜੋ ਹਰ ਯੋਗ ਵੋਟਰ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮੁੱਚੀ ਪ੍ਰਸ਼ਾਸਨਿਕ ਟੀਮ ਵੱਲੋਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਬੀ.ਐਲ.ਓਜ਼ ਦਾ ਹੌਸਲਾ ਵਧਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਪ੍ਰੋਫੈਸਰ ਗੁਰਬਖ਼ਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਵੀ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਬੀ.ਐਲ.ਓਜ਼ ਨੂੰ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਚੋਣ ਕਾਨੂੰਨਗੋ ਸ੍ਰੀ ਸੁਰਿੰਦਰ ਬਠਲਾ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣੇ ਐਨਿਊਮਰੇਸ਼ਨ ਫਾਰਮ ਨਹੀਂ ਭਰੇ, ਉਹ ਜਲਦ ਤੋਂ ਜਲਦ ਆਪਣੇ ਸਬੰਧਤ ਬੀ.ਐਲ.ਓ. ਨਾਲ ਸੰਪਰਕ ਕਰਕੇ ਫਾਰਮ ਭਰਨ, ਤਾਂ ਜੋ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।