ਖਰੜ : ਮਿਊਂਸਪਲ ਇੰਪਲਾਈਜ਼ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਮਹੀਨਿਆਂ ਤੋਂ ਚੱਲ ਰਹੀ ਹੜਤਾਲ ਦੇ ਤਹਿਤ ਅੱਜ 13 ਜੁਲਾਈ ਨੂੰ ਖਰੜ ਸ਼ਹਿਰ ਵਿੱਚ ਰੋਸ ਰੈਲੀ ਕੱਢੀ ਗਈ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਐਸ.ਏ.ਐਸ. ਨਗਰ (ਮੋਹਾਲੀ) ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਆਪਣੀ ਕਾਂਗਰਸੀ ਟੀਮ ਸਮੇਤ ਰੋਸ ਰੈਲੀ ਵਿੱਚ ਸ਼ਾਮਲ ਹੋਏ ਅਤੇ ਰੋਸ ਰੈਲੀ ਵਿੱਚ ਸਾਰੇ ਮੁਲਾਜ਼ਮਾਂ ਨੂੰ ਠੰਢਾ ਪਾਣੀ ਪਿਲਾ ਕੇ ਆਪਣਾ ਸਮਰਥਨ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ”ਕਾਂਗਰਸ ਪਾਰਟੀ ਹਮੇਸ਼ਾ ਕਰਮਚਾਰੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀਆਂ ਜਾਇਜ਼ ਮੰਗਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਉਨ੍ਹਾਂ ਦੇ ਹੱਕਾਂ ਲਈ ਹਰ ਸੰਭਵ ਸੰਘਰਸ਼ ਕਰਦੀ ਰਹੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਸਾਬਕਾ ਪ੍ਰਧਾਨ ਬੀਬੀ ਸਵਰਨਜੀਤ ਕੌਰ, ਸਿਟੀ ਕਾਂਗਰਸ ਕਮੇਟੀ ਖਰੜ ਦੇ ਪ੍ਰਧਾਨ ਦੀਪਕ ਕੌਸ਼ਲ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਵਿਸ਼ਾਲ ਬੱਟੂ, ਜਨਰਲ ਸਕੱਤਰ ਬਾਬੂ ਸਿੰਘ ਪਮੌਰ, ਮਨਪ੍ਰੀਤ ਸਿੰਘ ਬੱਤਰਾ, ਨਿਰਮਲ ਸਿੰਘ ਹਰਲਾਲਪੁਰ, ਸਰਬਜੀਤ ਕੌਰ ਸੈਣੀ, ਵਿਜੈ ਸ਼ਰਮਾ, ਕੁਨਾਲ ਰਿਖੀ, ਪ੍ਰਭਜੋਤ ਸਿੰਘ ਅਤੇ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।