ਖਰੜ : ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕਿਆ ਹੈ ਅਤੇ ਸੂਬੇ ਵਿਚ ਵੱਖ -ਵੱਖ ਥਾਵਾਂ ਤੇੇ ਰੋਜ਼ਾਨਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਖਿਲਾਫ ਰੋਸ ਧਰਨੇ ਦਿੱਤੇ ਜਾ ਰਹੇ ਹਨ ਅਤੇ ਸਰਕਾਰ ਜਾਣ ਬੁੱਝ ਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਾ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਰਦਿਆ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਮਿਊਂਸਪਲ ਇੰਪਲਾਈਜ਼ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਵਲੋਂ ਹੜਤਾਲ ਕੀਤੀ ਹੋਈ ਹੈ ਜਿਸ ਕਾਰਨ ਸ਼ਹਿਰਾਂ ਵਿਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਚੁੱਕੇ ਹਨ ਅਤੇ ਸਫਾਈ ਵਿਵਸਥਾ ਵਿਗੜ ਚੁੱਕੀ ਹੈ ਅਤੇ ਅਜੇ ਤੱਕ ਵੀ ਸਰਕਾਰ ਦੇ ਕੰਨਾਂ ਤੇ ਜ਼ੂੰ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਮੁਲਾਜ਼ਮਾਂ ਦੇ ਹੱਕਾਂ ਦੀ ਗੱਲ ਕੀਤੀ ਅਤੇ ਅੱਜ ਵੀ ਪਾਰਟੀ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰੱਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਵੀ ਸਨਮਾਨ ਦੇ ਹੱਕਦਾਰ ਹਨ ਅਤੇ ਸ਼ਹਿਰਾਂ ਵੀ ਸਫ਼ਾਈ ਦਾ ਹੱਕਦਾਰ ਹੈ। ਗੰਦਗੀ ਨਹੀਂ, ਵਿਕਾਸ ਚਾਹੀਦਾ ਅਤੇ ਵਾਅਦਿਆਂ ਨਹੀਂ, ਹੱਲ ਚਾਹੀਦਾ ਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਦੇ ਹੱਲ ਲਈ ਸਫ਼ਾਈ ਕਰਮਚਾਰੀਆਂ ਨਾਲ ਪੰਜਾਬ ਸਰਕਾਰ ਗੱਲਬਾਤ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਹੜਤਾਲ ਸਮਾਪਤ ਕਰਵਾਏ।