ਲੁਧਿਆਣਾ : ਬਲਾਕ ਕਾਂਗਰਸ ਕਮੇਟੀ ਡੇਹਲੋ ਦੇ ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋ ਨੇ ਈ-20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ਤੋਂ ਆਪਣਾ ਪੱਖ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਈ-20 ਪੈਟਰੋਲ ਲਾਗੂ ਹੋਣ ਨਾਲ ਆਮ ਲੋਕਾਂ, ਕਿਸਾਨਾਂ ਅਤੇ ਵਾਹਨ ਚਾਲਕਾਂ ਦੀ ਰੋਜ਼ਮਰਾ ਦੀ ਜ਼ਿੰਦਗੀ 'ਤੇ ਕੀ ਪ੍ਰਭਾਵ ਪਵੇਗਾ।ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਅਜਿਹੇ ਵਾਹਨ ਚੱਲ ਰਹੇ ਹਨ ਜੋ ਈ-20 ਪੈਟਰੋਲ ਦੀ ਵਰਤੋਂ ਲਈ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਜੇਕਰ ਸਰਕਾਰ ਈ-20 ਪੈਟਰੋਲ ਨੂੰ ਦੇਸ਼ ਭਰ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਤਾਂ ਇਸ ਨਾਲ ਜੁੜੇ ਹਰ ਪਹਿਲੂ ਬਾਰੇ ਜਨਤਾ ਨੂੰ ਭਰੋਸੇ ਵਿੱਚ ਲਿਆ ਜਾਣਾ ਚਾਹੀਦਾ ਹੈ।ਉਨ੍ਹਾਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਸਪੱਸ਼ਟ ਕਰੇ ਕਿ ਈ-20 ਪੈਟਰੋਲ ਨਾਲ ਆਮ ਲੋਕਾਂ ਦੀ ਜੇਬ 'ਤੇ ਕੀ ਅਸਰ ਪਵੇਗਾ, ਪੁਰਾਣੇ ਵਾਹਨਾਂ ਲਈ ਕੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਅਤੇ ਜੇਕਰ ਕਿਸੇ ਵਾਹਨ ਨੂੰ ਤਕਨੀਕੀ ਤਬਦੀਲੀਆਂ ਦੀ ਲੋੜ ਪੈਂਦੀ ਹੈ ਤਾਂ ਉਸ ਲਈ ਸਰਕਾਰ ਵੱਲੋਂ ਕੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਅਜਿਹੇ ਮਹੱਤਵਪੂਰਨ ਫ਼ੈਸਲਿਆਂ ਵਿੱਚ ਪਾਰਦਰਸ਼ਤਾ ਅਤੇ ਸਪੱਸ਼ਟਤਾ ਹੋਣੀ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਭਰਮ ਜਾਂ ਚਿੰਤਾ ਪੈਦਾ ਨਾ ਹੋਵੇ।