ਲੁਧਿਆਣਾ : ਬਾਬਾ ਲੂਣ ਪੀਰ ਸ਼ਾਹ ਕਮੇਟੀ ਲਾਡੋਵਾਲ ਵੱਲੋਂ 35ਵਾਂ ਵਿਸ਼ਾਲ ਕੁਸ਼ਤੀ ਦੰਗਲ ਬੜੀ ਸ਼ਰਧਾ, ਉਤਸ਼ਾਹ ਅਤੇ ਰਵਾਇਤੀ ਰੌਣਕ ਨਾਲ ਕਰਵਾਇਆ ਗਿਆ। ਇਸ ਦੰਗਲ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਕਰੀਬ 200 ਪਹਿਲਵਾਨਾਂ ਨੇ ਆਪਣੀ ਤਾਕਤ, ਹੁਨਰ ਅਤੇ ਦਾਅ-ਪੇਚ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕੀਤਾ। ਸਮਾਗਮ ਵਿੱਚ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਚੇਅਰਮੈਨ ਗੁਰਜੀਤ ਸਿੰਘ ਗਿੱਲ, ਬਲਾਕ ਪ੍ਰਧਾਨ ਲੱਕੀ ਤਲਵੰਡੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਬਾਬਾ ਲੂਣ ਪੀਰ ਸ਼ਾਹ ਕਮੇਟੀ ਵੱਲੋਂ ਪਿਛਲੇ 35 ਸਾਲਾਂ ਤੋਂ ਲਗਾਤਾਰ ਕਰਵਾਇਆ ਜਾ ਰਿਹਾ ਕੁਸ਼ਤੀ ਦੰਗਲ ਨਾ ਸਿਰਫ਼ ਰਵਾਇਤੀ ਖੇਡਾਂ ਨੂੰ ਨਵੀਂ ਪੀੜ੍ਹੀ ਨਾਲ ਜੋੜ ਰਿਹਾ ਹੈ, ਸਗੋਂ ਨੌਜਵਾਨ ਪਹਿਲਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਸ਼ਾਨਦਾਰ ਮੰਚ ਵੀ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿੱਚ ਸਿਹਤਮੰਦ ਅਤੇ ਸਕਾਰਾਤਮਕ ਮਾਹੌਲ ਸਿਰਜਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।