ਅੰਮ੍ਰਿਤਸਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦੀ ਪ੍ਰਕਿਰਿਆ ਸਫਲਤਾਪੂਰਵਕ ਜਾਰੀ ਹੈ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਦੇ ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਵੱਲੋਂ ਇਸ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਰੇਕ ਵਿਧਾਨ ਸਭਾ ਹਲਕੇ ਵਿੱਚ ਬੂਥ ਪੱਧਰ 'ਤੇ ਵਿਸ਼ੇਸ਼ ਕੈਂਪ ਲਗਾ ਕੇ ਯੋਗ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਚੋਣ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਐੱਸ.ਆਈ.ਆਰ. ਸਬੰਧੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ) ਸ੍ਰੀ ਕੰਵਲਜੀਤ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਆਈ.ਆਰ. ਦੇ ਉਦੇਸ਼, ਮਹੱਤਤਾ ਅਤੇ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸ੍ਰੀ ਕੰਵਲਜੀਤ ਸਿੰਘ ਨੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ, ਮਾਪਿਆਂ, ਸਕੂਲ ਸਟਾਫ਼ ਅਤੇ ਸਥਾਨਕ ਭਾਈਚਾਰੇ ਵਿੱਚ ਐੱਸ.ਆਈ.ਆਰ. ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਨੇ ਕਿਹਾ ਕਿ ਸਕੂਲੀ ਪ੍ਰਾਰਥਨਾ ਸਭਾਵਾਂ, ਮਾਪੇ-ਅਧਿਆਪਕ ਮਿਲਣੀਆਂ, ਨੋਟਿਸ ਬੋਰਡਾਂ, ਸੋਸ਼ਲ ਮੀਡੀਆ ਅਤੇ ਹੋਰ ਜਨ-ਜਾਗਰੂਕਤਾ ਗਤੀਵਿਧੀਆਂ ਰਾਹੀਂ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰਮਾਣਿਕ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਫੈਲਾਉਣ ਵਿੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਪ੍ਰਿੰਸੀਪਲਾਂ ਨੂੰ ਪਹਿਲੀ ਵਾਰ ਵੋਟ ਬਣਾਉਣ ਦੇ ਯੋਗ ਨੌਜਵਾਨਾਂ ਅਤੇ ਹੋਰ ਯੋਗ ਨਾਗਰਿਕਾਂ ਨੂੰ ਨਿਰਧਾਰਿਤ ਸਮੇਂ ਅੰਦਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਮੀਟਿੰਗ ਦੇ ਅੰਤ ਵਿੱਚ ਸਾਰੇ ਪ੍ਰਿੰਸੀਪਲਾਂ ਨੂੰ ਚੋਣ ਕਮਿਸ਼ਨ ਦੇ ਇਸ ਮਹੱਤਵਪੂਰਨ ਅਭਿਆਨ ਵਿੱਚ ਸਰਗਰਮ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ, ਤਾਂ ਜੋ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਦੌਰਾਨ ਵੱਧ ਤੋਂ ਵੱਧ ਜਨ-ਭਾਗੀਦਾਰੀ ਯਕੀਨੀ ਬਣਾਈ ਜਾ ਸਕੇ ਅਤੇ ਇੱਕ ਸਹੀ, ਸਮਾਵੇਸ਼ੀ ਅਤੇ ਗਲਤੀ-ਰਹਿਤ ਵੋਟਰ ਸੂਚੀ ਤਿਆਰ ਕਰਨ ਦੇ ਉਦੇਸ਼ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਖੰਨਾ, ਪ੍ਰਿੰਸੀਪਲ ਸ੍ਰੀ ਸੁਨੀਲ ਗੁਪਤਾ, ਮਾਸਟਰ ਟਰੇਨਰ ਸ੍ਰੀ ਵਿਵੇਕ ਦੇਵਗਨ, ਸ੍ਰੀ ਸੰਦੀਪ ਸਿਆਲ ਅਤੇ ਸ੍ਰੀ ਵਰੁਣ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।